ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News ਮੈਨੂੰ ਕੱਲ੍ਹ ਹੀ ਪਤਾ ਲੱਗੈ ਕਿ ਅਕਾਲ ਤਖ਼ਤ ਦੇ ਹੁਕਮ ਚਾਰਦੀਵਾਰੀ ਤੱਕ ਸੀਮਤ: ਜਥੇਦਾਰ ਗਿਆਨੀ ਰਘਬੀਰ ਸਿੰਘ

ਧਾਮੀ ਦੇ ਅਸਤੀਫੇ ਨੂੰ ਦੁਖਦ ਦੱਸਿਆ, ਅਸਤੀਫ਼ਾ ਵਾਪਸ ਲੈਣ ਤੇ ਸੱਤ ਮੈਂਬਰੀ ਕਮੇਟੀ ਦੀ ਸੇਵਾ ਸੰਭਾਲਣ ਦੀ ਕੀਤੀ ਅਪੀਲ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 22 ਫਰਵਰੀ

Advertisement

ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਸਾਂਭਣ ਦੀ ਅਪੀਲ ਕੀਤੀ ਹੈ। ਉਂਝ ਜਥੇਦਾਰ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਨੂੰ ਕੱਲ੍ਹ ਹੀ ਪਤਾ ਲੱਗਾ ਹੈ ਕਿ ਅਕਾਲ ਤਖ਼ਤ ਦੇ ਹੁਕਮ ਸਿਰਫ਼ ਇਸ ਦੀ ਚਾਰਦੀਵਾਰੀ ਤੱਕ ਸੀਮਤ ਹਨ। ਉਨ੍ਹਾਂ ਅੱਜ ਸਵੇਰੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਦਿੱਲੀ ਸਰਕਾਰ ’ਚ ਮੰਤਰੀ ਤੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ।

ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਾਪਰ ਰਹੇ ਘਟਨਾਕ੍ਰਮ ਬਾਰੇ ਆਪਣੀ ਚੁੱਪੀ ਤੋੜਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਸੰਭਾਲਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਅਕਾਲ ਤਖਤ ਵੱਲੋਂ ਉਨ੍ਹਾਂ ਨੂੰ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਦਾ ਵੀ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਆਪਣੇ ਅਸਤੀਫੇ ਵਿੱਚ ਜ਼ਿਕਰ ਕੀਤਾ ਹੈ ਕਿ ਉਨ੍ਹਾਂ ਮੇਰੇ ਵੱਲੋਂ ਪਾਈ ਇੱਕ ਪੋਸਟ ਦੇ ਆਧਾਰ ’ਤੇ ਨੈਤਿਕ ਜ਼ਿੰਮੇਵਾਰੀ ਲੈਂਦਿਆ ਅਸਤੀਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੋਸਟ ਉਨ੍ਹਾਂ ਆਪਣੇ ਨਿੱਜੀ ਸੋਸ਼ਲ ਮੀਡੀਆ ਪੇਜ ’ਤੇ ਪਾਈ ਸੀ ਅਤੇ ਕਿਸੇ ਨੂੰ ਆਦੇਸ਼ ਨਹੀਂ ਕੀਤਾ ਸੀ ਤੇ ਇਹ ਉਨ੍ਹਾਂ ਦੇ ਆਪਣੇ ਮਨ ਦੇ ਵਲਵਲੇ ਸਨ। ਉਨ੍ਹਾਂ ਕਿਹਾ ਕਿ ਧਾਮੀ ਨੇ ਜਿਵੇਂ ਨੈਤਿਕ ਆਧਾਰ ’ਤੇ ਅਸਤੀਫਾ ਦਿੱਤਾ ਹੈ ਉਸੇ ਤਰ੍ਹਾਂ ਉਹ ਵੀ ਨੈਤਿਕ ਆਧਾਰ ’ਤੇ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਕੇ ਪ੍ਰਧਾਨ ਦੀ ਜ਼ਿੰਮੇਵਾਰੀ ਅਤੇ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੀ ਜ਼ਿੰਮੇਵਾਰੀ ਸੰਭਾਲਣ।

ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਹ ਕਿਸੇ ਦਬਾਅ ਹੇਠ ਹੋਣ, ਕਿਉਂਕਿ ਪਿਛਲੇ ਕੁਝ ਸਮੇਂ ਤੋਂ ਲੱਗ ਰਿਹਾ ਸੀ ਕਿ ਉਹ ਦਬਾਅ ਮਹਿਸੂਸ ਕਰ ਰਹੇ ਹਨ। ਉਹ ਇੱਕ ਇਮਾਨਦਾਰ, ਨਿਤਨੇਮੀ, ਗੁਰੂ ਦੀ ਭੈ ਭਾਵਨਾ ਨੂੰ ਮੰਨਣ ਵਾਲੀ ਚੰਗੀ ਸ਼ਖਸੀਅਤ ਹਨ।

ਜਥੇਦਾਰ ਨੇ ਦੱਸਿਆ ਕਿ ਬੀਤੇ ਕੱਲ੍ਹ ਅਤਰਿੰਗ ਕਮੇਟੀ ਦੇ ਮੈਂਬਰ ਮਿਲੇ ਸਨ ਅਤੇ ਸਿੱਖ ਗੁਰਦੁਆਰਾ ਐਕਟ ਦੇ ਮੁਤਾਬਕ ਅਧਿਕਾਰਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਐਕਟ ਮੁਤਾਬਿਕ ਸ਼੍ਰੋਮਣੀ ਕਮੇਟੀ ਨੂੰ ਕਰਮਚਾਰੀਆਂ, ਗ੍ਰੰਥੀਆਂ ਅਤੇ ਜਥੇਦਾਰਾਂ ਦੀ ਨਿਯੁਕਤੀ ਦੇ ਅਧਿਕਾਰ ਪ੍ਰਾਪਤ ਹਨ। ਪਰ ਕੱਲ੍ਹ ਹੋਈ ਗੱਲਬਾਤ ਨੇ ਉਨ੍ਹਾਂ ਨੂੰ ਅਹਿਸਾਸ ਕਰਵਾਇਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਹੁਕਮ ਸਿਰਫ ਸ੍ਰੀ ਅਕਾਲ ਤਖਤ ਦੀ ਚਾਰਦੀਵਾਰੀ ਤੱਕ ਹੀ ਸੀਮਤ ਹਨ ਜਦੋਂ ਕਿ ਉਹ ਸਮਝਦੇ ਸਨ ਕਿ ਅਕਾਲ ਤਖਤ ਵੱਲੋਂ ਕੀਤੇ ਗਏ ਹੁਕਮ ਸਾਰੀ ਦੁਨੀਆਂ ਵਿੱਚ ਵੱਸਦੇ ਸਿੱਖਾਂ ’ਤੇ ਲਾਗੂ ਹੁੰਦੇ ਹਨ। ਜਥੇਦਾਰ ਦੀ ਇਸ ਗੱਲ ਨੇ ਇਹ ਵੀ ਸਾਬਤ ਕੀਤਾ ਹੈ ਕਿ ਉਹ ਅੰਤਰਿੰਗ ਕਮੇਟੀ ਵੱਲੋਂ ਅਧਿਕਾਰਾਂ ਸਬੰਧੀ ਕੀਤੀ ਗਈ ਚਰਚਾ ਤੋਂ ਨਾਖੁਸ਼ ਹਨ।

ਆਪਣੇ ਅਸਤੀਫ਼ੇ ਸਬੰਧੀ ਚੱਲ ਰਹੀ ਚਰਚਾ ਦੇ ਸੰਦਰਭ ਵਿਚ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਨੂੰ ਜੋ ਪ੍ਰਵਾਨ ਹੋਏਗਾ ਉਸੇ ਮੁਤਾਬਕ ਸਭ ਕੁਝ ਹੀ ਹੋਵੇਗਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਕੀਤੀਆਂ ਜਾ ਰਹੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸੰਜਮ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਹਰ ਇੱਕ ਨੂੰ ਇੱਕ ਦੂਜੇ ਦੇ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ ਹਨ ਜੋ ਬਜ਼ੁਰਗਾਂ ਦੀਆਂ ਸ਼ਹੀਦੀਆਂ ਤੋਂ ਬਾਅਦ ਪ੍ਰਾਪਤ ਹੋਈਆਂ ਹਨ। ਇਨ੍ਹਾਂ ਸੰਸਥਾਵਾਂ ਦੀ ਚੜ੍ਹਦੀ ਕਲਾ ਲਈ ਹਰ ਸਿੱਖ ਨੂੰ ਕੰਮ ਕਰਨਾ ਚਾਹੀਦਾ ਹੈ।

Advertisement
Tags :
giani raghbir singhManjinder Singh Sirsapunjab newspunjabi news update