Punjab News: ਮੱਖਣ ਬਰਾੜ ਨੇ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਕਿਹਾ ਅਲਵਿਦਾ
‘ਮਾਂ ਪਾਰਟੀ’ ਅਕਾਲੀ ਦਲ ਬਾਦਲ ਵਿੱਚ ਵਾਪਸੀ ਲਗਭਗ ਤੈਅ; ਕੇਂਦਰੀ ਏਜੰਸੀਆਂ ਅਤੇ ਵਿਰੋਧੀ ਆਗੂਆਂ ’ਤੇ ਸੇਧੇ ਤਿੱਖੇ ਨਿਸ਼ਾਨੇ
Punjab News: ਮੋਗਾ ਦੇ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਮਰਹੂਮ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਮੱਖਣ ਬਰਾੜ ਦਾ ਇਹ ਫੈਸਲਾ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਚਰਚਾ ਹੈ ਕਿ ਉਹ ਜਲਦ ਹੀ ਆਪਣੀ ਪੁਰਾਣੀ ‘ਮਾਂ ਪਾਰਟੀ’ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਸਕਦੇ ਹਨ।
ਆਪਣੇ ਅਸਤੀਫ਼ੇ ਦੌਰਾਨ ਮੱਖਣ ਬਰਾੜ ਨੇ ਬੇਹੱਦ ਤਿੱਖੇ ਤੇਵਰ ਦਿਖਾਉਂਦਿਆਂ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰਨ ਦੀ ਵੱਡੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਯਾਲੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਭਾਵੁਕਤਾ ਦਾ ਸਹਾਰਾ ਲਿਆ ਗਿਆ।
ਮੱਖਣ ਬਰਾੜ ਦੇ ਇਸ ਫੈਸਲੇ ਨਾਲ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਦੀ ਸਥਿਤੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਪੰਥ ਦੀ ਕਚਹਿਰੀ ਵਿੱਚ ਸਾਰਾ ਸੱਚ ਸਾਹਮਣੇ ਰੱਖਣਗੇ।

