Punjab News: ਪੰਜਾਬ ਪੁਲੀਸ ਵੱਲੋਂ BKI ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼; ਦੋ ਗਰਨੇਡਾਂ ਤੇ ਪਿਸਤੌਲ ਸਣੇ ਦੋ ਕਾਬੂ
ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਨੇ ਪਾਕਿਸਤਾਨ ਦੀ ਏਜੰਸੀ ਆਈਐਸਆਈ ਤੋਂ ਸ਼ਹਿ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਵੱਲੋਂ ਰਚੀ ਜਾ ਰਹੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਪਿੰਡ ਭੁੱਲਰ, ਤਰਨ ਤਾਰਨ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਵਾਸੀ ਪਿੰਡ ਰਾਮਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਦੀਆਂ ਟੀਮਾਂ ਨੇ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ 'ਚੋਂ ਦੋ 86 ਪੀ ਹੈਂਡ ਗਰਨੇਡ, ਇੱਕ 9 ਐਮ ਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਪੰਜਾਬ ਪੁਲੀਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਮੁਲਜ਼ਮਾਂ ਨੂੰ ਇੱਕ 86 ਪੀ ਹੈਂਡ-ਗਰਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਯੂਕੇ, ਅਮਰੀਕਾ ਅਤੇ ਯੂਰਪ ਵਿੱਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਤਹਿਤ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਕਾਰੀ ਇਮਾਰਤਾਂ ਅਤੇ ਪੁਲੀਸ ਅਦਾਰਿਆਂ ਨੂੰ ਗਰਨੇਡਾਂ ਨਾਲ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ।
ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ 'ਤੇ ਸੀਆਈ ਫਿਰੋਜ਼ਪੁਰ ਦੀਆਂ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਤੋਂ ਸ਼ੱਕੀ ਵਿਅਕਤੀਆਂ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਨੂੰ ਕਜਬੂ ਕਰ ਲਿਆ।
ਉਹਨਾਂ ਕਿਹਾ ਕਿ ਪੁਲੀਸ ਨੇ ਮੁਲਜ਼ਮਾਂ ਦਾ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ ਅਤੇ ਉਕਤ ਮੁਲਜ਼ਮਾਂ ਤੋਂ ਦੇਸ਼ ਦੇ ਅੰਦਰ ਤੇ ਬਾਹਰ ਦੇ ਸੰਪਰਕਾਂ ਅਤੇ ਉਨ੍ਹਾਂ ਵੱਲੋਂ ਮਿੱਥੇ ਗਏ ਟੀਚਿਆਂ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।