Punjab News: ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਵੱਲੋਂ ਵੀ ਹੜਤਾਲ ’ਚ ਸ਼ਾਮਲ ਹੋਣ ਦਾ ਐਲਾਨ
ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਕੀਤੀ ਜਾ ਰਹੀ ਹੈ ਮੰਗ
ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਵਾਟਰ ਸਪਲਾਈ ਸੀਵਰਮੈਨ ਯੂਨੀਅਨ ਵੱਲੋਂ ਵੀ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਨੇ ਪ੍ਰਧਾਨ ਸੰਜੀਵ ਕੁਮਾਰ (ਸੰਜੂ ਪ੍ਰਧਾਨ) ਦੀ ਅਗਵਾਈ ਹੇਠ ਐਸਡੀਓ ਵਾਟਰ ਸਪਲਾਈ ਐਂਡ ਸੀਵਰੇਜ ਰਾਜਪੁਰਾ ਕਰਨਦੀਪ ਸਿੰਘ ਨੂੰ ਮੰਗ ਪੱਤਰ ਸੌਂਪ ਕੇ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ।
ਇਸ ਮੌਕੇ ਯੂਨੀਅਨ ਆਗੂਆਂ ਨੇ ਉਨ੍ਹਾਂ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਵਿਚ ਪੰਜਾਬ ਭਰ ਦੇ ਆਊਟਸੋਰਸ ਅਤੇ ਕੱਚੇ ਮੁਲਾਜ਼ਮ 15-20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ ਪਿਛਲੇ ਦਿਨਾਂ ਤੋਂ ਪੂਰੇ ਪੰਜਾਬ ਵਿਚ ਹੜਤਾਲ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਹੜਤਾਲ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਪਿਛਲੇ ਦੋ ਮਹੀਨਿਆਂ ਤੋਂ ਯੂਨੀਅਨਾਂ ਨਾਲ ਮੀਟਿੰਗਾਂ ਹੀ ਕਰ ਰਹੀ ਹੈ ਪਰ ਅਜੇ ਤੱਕ ਮੁਲਾਜ਼ਮਾਂ ਦੇ ਭਲੇ ਲਈ ਸਰਕਾਰ ਨੇ ਕੋਈ ਵੀ ਫ਼ੈਸਲਾ ਨਹੀਂ ਲਿਆ, ਜਿਸ ਦੇ ਰੋਸ ਵਜੋਂ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਹੜਤਾਲ 'ਤੇ ਜਾਣਾ ਪੈ ਰਿਹਾ ਹੈ ਤੇ ਹੁਣ ਉਹ ਵੀ ਇਸ ਹੜਤਾਲ ਦੀ ਹਮਾਇਤ ਵਿਚ ਆ ਗਏ ਹਨ।

