Punjab News: ਰਾਹੁਲ ਗਾਂਧੀ ਦੀ 'ਇਨਸਾਫ਼ ਰੈਲੀ' ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ: ਬਾਜਵਾ
4 ਨਵੰਬਰ ਦੀ ਰੈਲੀ ’ਚ 2 ਲੱਖ ਤੋਂ ਵੱਧ ਇਕੱਠ ਦਾ ਦਾਅਵਾ
‘ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰੇਗੀ। ਰੈਲੀ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।’ ਇਹ ਦਾਅਵਾ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਾਂਗਰਸ ਭਵਨ ਵਿੱਚ ਬਠਿੰਡਾ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਵਰਕਰਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਜ਼ਿਲ੍ਹਾ ਪ੍ਰਧਾਨ ਬਠਿੰਡਾ (ਸ਼ਹਿਰੀ) ਐਡਵੋਕੇਟ ਰਾਜਨ ਗਰਗ ਅਤੇ (ਦਿਹਾਤੀ) ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਬਾਜਵਾ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ, ਪੰਜਾਬੀਆਂ ਅਤੇ ਖ਼ਾਸ ਕਰਕੇ ਵਪਾਰੀ ਵਰਗ ਵਿੱਚ ਭਾਰੀ ਉਤਸ਼ਾਹ ਹੈ। ਲੋਕ ਪੱਬਾਂ ਭਾਰ ਹੋ ਕੇ ਰੈਲੀ ਵਿੱਚ ਪਹੁੰਚਣਗੇ। ਭਾਜਪਾ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਗੱਲਾਂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਤਸਕਰੀ ਅਤੇ ਗੁਜਰਾਤ ਦੀ ਬੰਦਰਗਾਹ ’ਤੇ ਫੜੀ ਜਾਂਦੀ ਨਸ਼ਿਆਂ ਦੀ ਵੱਡੀ ਖੇਪ ਬਾਰੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ਵਿੱਚ ਚਿੱਟੇ ਦਾ ਪਸਾਰ ਹੋਇਆ ਸੀ। ਹੁਣ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰਨਾ ਮੁਨਾਸਿਬ ਨਹੀਂ।
ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਿੱਘਰ ਰਹੀ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਹਨ ਅਤੇ ਕਾਂਗਰਸ ਨੂੰ ਬਦਲ ਵਜੋਂ ਦੇਖ ਰਹੇ ਹਨ।
ਇਸ ਮੌਕੇ ਜਗਦੇਵ ਸਿੰਘ ਕਮਾਲੂ, ਗੁਰਜੰਟ ਸਿੰਘ ਕੁੱਤੀਵਾਲ, ਰੂਪਿੰਦਰ ਕੌਰ ਰੂਬੀ (ਤਿੰਨੋਂ ਸਾਬਕਾ ਵਿਧਾਇਕ), ਪੰਜਾਬ ਕਾਂਗਰਸ ਦੇ ਡੈਲੀਗੇਟ ਕੇ.ਕੇ. ਅਗਰਵਾਲ, ਸੀਨੀਅਰ ਕਾਂਗਰਸੀ ਆਗੂ ਬੀਬਾ ਅੰਮ੍ਰਿਤ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਮਾਰਕਫ਼ੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਡਾ. ਜੀਵਨਜੋਤ ਕੌਰ ਭੱਟੀ, ਅਸ਼ੋਕ ਕੁਮਾਰ, ਕਿਰਨਜੀਤ ਸਿੰਘ ਗਹਿਰੀ, ਭੁਪਿੰਦਰ ਗੋਰਾ, ਸੁਖਦੇਵ ਸਿੰਘ ਚਹਿਲ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

