ਹਿਮਾਚਲ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਅਲਰਟ ’ਤੇੇ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਉੱਪਰਲੇ ਖੇਤਰਾਂ ਵਿੱਚ ਅਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਪਾਣੀ ਲਗਾਤਾਰ ਵਹਿ ਰਿਹਾ ਹੈ। ਸੂਬਾ ਸਰਕਾਰ ਨੇ ਆਪਣੀਆਂ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜ ਦਿੱਤਾ ਹੈ।
ਪੌਂਗ ਡੈਮ ਤੋਂ ਕਰੀਬ ਪਿਛਲੇ ਇੱਕ ਹਫ਼ਤੇ ਤੋਂ ਅਤੇ ਭਾਖੜਾ ਡੈਮ ਤੋਂ ਪਿਛਲੇ ਦੋ ਦਿਨਾਂ ਤੋਂ ਪਾਣੀ ਨਿਯੰਤਰਿਤ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ। ਪਾਣੀ ਦੀ ਨਿਕਾਸੀ ਨੇ ਸੁਲਤਾਨਪੁਰ ਲੋਧੀ, ਟਾਂਡਾ, ਨੰਗਲ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਤਰਨ ਤਾਰਨ ਦੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ।
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਸ਼ਾਮ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਇੱਕ ਐਮਰਜੈਂਸੀ ਮੀਟਿੰਗ ਸੱਦੀ ਸੀ। ਮੀਟਿੰਗ ਦੌਰਾਨ ਹਿਮਾਚਲ ਪ੍ਰਦੇਸ਼ ਸਰਕਾਰ ਦੇ ਇੱਕ ਨੁਮਾਇੰਦੇ ਨੇ ਬੀਬੀਐੱਮਬੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਹੜ੍ਹਾਂ ਦਾ ਹਵਾਲਾ ਦਿੰਦੇ ਹੋਏ ਬਿਆਸ ਵਿੱਚ ਪਾਣੀ ਛੱਡਣ ’ਤੇ ਪਾਬੰਦੀ ਨਾ ਲਗਾਉਣ। ਵੀਰਵਾਰ ਤੋਂ ਪੌਂਗ ਡੈਮ ਤੋਂ 75,000 ਕਿਊਸਿਕ ਪਾਣੀ ਨਿਯੰਤਰਿਤ ਤਰੀਕੇ ਨਾਲ ਛੱਡਿਆ ਜਾਵੇਗਾ, ਜਿੱਥੇ ਬੁੱਧਵਾਰ ਨੂੰ ਆਮਦ ਕਰੀਬ 1 ਲੱਖ ਕਿਊਸਿਕ ਤੱਕ ਪਹੁੰਚ ਗਈ ਸੀ।
ਬੁੱਧਵਾਰ ਨੂੰ ਭਾਖੜਾ ਡੈਮ ਵਿੱਚ ਵੀ ਪਾਣੀ ਦਾ ਪੱਧਰ 1666.32 ਫੁੱਟ ਤੱਕ ਪਹੁੰਚ ਗਿਆ ਸੀ, ਇਸ ਲਈ ਵੀਰਵਾਰ ਨੂੰ ਮੁੜ ਨਿਯੰਤਰਿਤ ਤਰੀਕੇ ਨਾਲ ਪਾਣੀ ਰਿਲੀਜ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਹਾਲਾਤ ਦੀ ਗੰਭੀਰਤਾ ਨੂੰ ਸਮਝਦੇ ਹੋਏ ਆਪਣੇ ਕੈਬਨਿਟ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਭੇਜਿਆ ਹੈ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਿਰੋਜ਼ਪੁਰ ਅਤੇ ਤਰਨ ਤਾਰਨ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਮੰਤਰੀ ਹਰਦੀਪ ਮੁੰਡੀਆਂ ਸੁਲਤਾਨਪੁਰ ਲੋਧੀ ਵਿੱਚ ਜਦੋਂਕਿ ਲਾਲਜੀਤ ਭੁੱਲਰ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨੂੰ ਰਾਹਤ ਸਮੱਗਰੀ ਵੰਡਣਗੇ। ਡਾ. ਬਲਬੀਰ ਸਿੰਘ ਕਪੂਰਥਲਾ ਵਿੱਚ ਜ਼ਿਲ੍ਹਾ ਅਧਿਕਾਰੀਆਂ ਅਤੇ ਆਈ.ਐਮ.ਏ. ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ।