ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਬਲੈਕ ਫੰਗਸ ਦੇ ਇਲਾਜ ਲਈ ਲੋੜੀਂਦੀ ਦਵਾਈ ਦੀਆਂ 30 ਹਜ਼ਾਰ ਸ਼ੀਸ਼ੀਆਂ ਦਾ ਆਰਡਰ ਦਿੱਤਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਜਸਟਿਸ ਰਾਜਨ ਗੁਪਤਾ ਤੇ ਜਸਟਿਸ ਕਰਮਜੀਤ ਸਿੰਘ ਦੀ ਸ਼ਮੂਲੀਅਤ ਵਾਲੇ ਬੈਂਚ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਤੈਅ ਸਮੇਂ ਨਾਲ ਆਰਡਰ ਦਿੱਤੇ ਜਾਣਗੇ। ਉੱਧਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਸੀਨੀਅਰ ਸਟੈਂਡਿੰਗ ਕੌਂਸਲ ਪੰਕਜ ਜੈਨ ਨੇ ਬੈਂਚ ਨੂੰ ਦੱਸਿਆ ਕਿ ਬਲੈਕ ਫੰਗਸ ਦੇ ਟਾਕਰੇ ਲਈ 5000 ਸ਼ੀਸ਼ੀਆਂ ਦਾ ਆਰਡਰ ਦਿੱਤਾ ਗਿਆ ਹੈ। ਚੇਤੇ ਰਹੇ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਪਰੋਕਤ ਬੈਂਚ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਹਦਾਇਤ ਕੀਤੀ ਸੀ ਕਿ ਬਲੈਕ ਫੰਗਸ ਨੂੰ ਫੈਲਣ ਤੋਂ ਰੋਕਣ ਲਈ ਦਵਾਈ ਤੋਂ ਇਲਾਵਾ ਇਹਤਿਆਤੀ ਕਦਮ ਵੀ ਚੁੱਕੇ ਜਾਣ।