ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਅਗਸਤ
ਪੰਜਾਬ ਪੁਲੀਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਸੂਬੇ ਵਿੱਚ ਆਧੁਨਿਕ ਸੂਚਨਾ ਤਕਨੀਕ ਰਾਹੀਂ ਬਹੁ-ਕਰੋੜੀ ਸਾਈਬਰ ਬੈਂਕ ਘੁਟਾਲੇ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਪੁਲੀਸ ਨੇ ਗਰੋਹ ਦੇ ਮੁਖੀ ਅਮਿਤ ਸ਼ਰਮਾ ਉਰਫ਼ ਨਿਤਿਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਪਿਛਲੇ ਕਰੀਬ 7 ਮਹੀਨਿਆਂ ਤੋਂ ਫਰਾਰ ਚੱਲ ਰਿਹਾ ਸੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਮੁਹਾਲੀ ਦੇ ਫੇਜ਼-4 ਸਥਿਤ ਸਾਈਬਰ ਕ੍ਰਾਈਮ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਚਡੀਐਫਸੀ ਬੈਂਕ ਦੇ ਲੋਕੇਸ਼ਨ ਮੈਨੇਜਰ ਵਿਜੇ ਕੁਮਾਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਰਾਜੀਵ ਕੁਮਾਰ ਅਤੇ ਦੀਪਕ ਗੁਪਤਾ ਵਾਸੀ ਸ਼ਿਮਲਾਪੁਰੀ ਨੂੰ ਕਾਫੀ ਸਮਾਂ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਮੁੱਖ ਮੁਲਜ਼ਮ ਫਰਾਰ ਹੋਣ ਵਿੱਚ ਸਫਲ ਹੋ ਗਿਆ ਸੀ।