ਦਵਿੰਦਰ ਪਾਲ
ਚੰਡੀਗੜ੍ਹ, 17 ਸਤੰਬਰ
ਮੁੱਖ ਅੰਸ਼
- ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ
- ਕਈ ਮਸ਼ਕੂਕ ਹਿਰਾਸਤ ’ਚ ਲਏ
- ਏਡੀਜੀ ਤੇ ਆਈਜੀ ਰੈਂਕ ਦੇ ਅਧਿਕਾਰੀਆਂ ਨੇ ਕੀਤੀ ਮੁਹਿੰਮ ਦੀ ਨਿਗਰਾਨੀ
ਪੰਜਾਬ ਭਰ ’ਚ ਅੱਜ ਪੁਲੀਸ ਨੇ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾ ਕੇ ਨਸ਼ੀਲੇ ਪਦਾਰਥ, ਡਰੱਗ ਮਨੀ, ਨਾਜਾਇਜ਼ ਸ਼ਰਾਬ ਤੇ ਹਥਿਆਰ ਬਰਾਮਦ ਕੀਤੇ ਹਨ। ਸੂਤਰਾਂ ਮੁਤਾਬਕ ਇਸ ਮੁਹਿੰਮ ਦੌਰਾਨ ਕਈ ਜ਼ਿਲ੍ਹਿਆਂ ’ਚ ਪੁਲੀਸ ਨੇ ਕਈ ਮਸ਼ਕੂਕ ਵੀ ਹਿਰਾਸਤ ’ਚ ਲਏ ਹਨ। ਪੁਲੀਸ ਨੂੰ ਕਈ ਥਾਈਂ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਸਾਰੇ 28 ਪੁਲੀਸ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐੱਸਓ) ਚਲਾਈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮੁਹਿੰਮਾਂ ਚਲਾਉਣ ਦਾ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਪੁਲੀਸ ’ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ ਜਬਤ ਕਰਨਾ ਹੈ। ਇਹ ਮੁਹਿੰਮ ਸੂਬੇ ਭਰ ’ਚ ਇੱਕੋ ਸਮੇਂ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਲਾਈ ਗਈ ਅਤੇ ਪੁਲੀਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲੀਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਸਾਰੇ ਪੁਲੀਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੇ ਵੱਧ ਤੋਂ ਵੱਧ ਪੁਲੀਸ ਕਰਮਚਾਰੀ ਤਾਇਨਾਤ ਕੀਤੇ। ਇਹ ਮੁਹਿੰਮ ਘੱਟੋ-ਘੱਟ 227 ਪਛਾਣ ਕੀਤੇ ਗਏ ਹੌਟਸਪੌਟਸ ’ਤੇ ਚਲਾਈ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਾਰੇ ਪੁਲੀਸ ਮੁਲਾਜ਼ਮਾਂ ਨੂੰ ਇਸ ਕਾਰਵਾਈ ਦੌਰਾਨ ਹਰੇਕ ਨਿਵਾਸੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖਤ ਹਦਾਇਤ ਕੀਤੀ ਗਈ ਸੀ।’’ ਡੀਜੀਪੀ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਠੱਲ੍ਹ ਪਾਉਣ ਲਈ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤੇ ਇਹ ਮੁਹਿੰਮਾਂ ਉਦੋਂ ਤੱਕ ਜਾਰੀ ਰਹਿਣਗੀਆਂ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ। ਪੁਲੀਸ ਸੂਤਰਾਂ ਦਾ ਦੱਸਣਾ ਹੈ ਕਿ ਇਸ ਅਪਰੇਸ਼ਨ ਦੌਰਾਨ ਅਫ਼ੀਮ, ਭੁੱਕੀ, ਨਸ਼ੀਲੀਆਂ ਗੋਲੀਆਂ, ਕਥਿਤ ਤਸਕਰਾਂ ਦੇ ਘਰਾਂ ’ਚੋਂ ਡਰੱਗ ਮਨੀ, ਨਾਜਾਇਜ਼ ਸ਼ਰਾਬ, ਲਾਹਣ, ਹਥਿਆਰ ਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਪੁਲੀਸ ਨੇ ਇਸ ਸਬੰਧੀ ਮਾਮਲੇ ਦਰਜ ਕੀਤੇ ਹਨ।
ਮਕਬੂਲਪੁਰਾ ’ਚ ਚਾਰ ਘੰਟੇ ਚੱਲੀ ਕਾਰਵਾਈ
ਅੰਮ੍ਰਿਤਸਰ (ਟਨਸ): ਸਥਾਨਕ ਮਕਬੂਲਪੁਰਾ ਇਲਾਕੇ ’ਚ ਇਕ ਕੁੜੀ ਦੀ ਨਸ਼ੇ ਦੀ ਹਾਲਤ ਵਿੱਚ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਪੁਲੀਸ ਨੇ ਇਸ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਹ ਮੁਹਿੰਮ ਏਡੀਜੀਪੀ ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਚਲਾਈ ਗਈ, ਜਿਸ ਵਿੱਚ ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ, ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਤੇ ਪਰਮਿੰਦਰ ਸਿੰਘ ਭੰਡਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਪੁਲੀਸ ਦੀ ਇਹ ਕਾਰਵਾਈ ਲਗਪਗ ਚਾਰ ਘੰਟੇ ਚੱਲੀ। ਇਹ ਮੁਹਿੰਮ ’ਚ ਲਗਪਗ 450 ਪੁਲੀਸ ਮੁਲਾਜ਼ਮ ਸ਼ਾਮਲ ਸਨ। ਇਸ ਦੌਰਾਨ ਇਲਾਕੇ ਵਿੱਚ ਪੰਦਰਾਂ ਨਾਕੇ ਲਾ ਕੇ ਵਾਹਨਾਂ ਦੀ ਜਾਂਚ ਵੀ ਕੀਤੀ ਗਈ।