ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀਆਂ ਫਿਰਕੂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਹਿੰਸਾ ਲਈ ਉਕਸਾਉਣਾ ਸਵੀਕਾਰ ਕਰਨ ਯੋਗ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੂੰ ਕਿਸੇ ਵੀ ਵਿਅਕਤੀ ਦੇ ਧਰਮ ਅਤੇ ਵਿਸ਼ਵਾਸ ਦਾ ਪ੍ਰਚਾਰ ਕਰਨ ’ਤੇ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ‘ਵਾਰਿਸ ਪੰਜਾਬ ਦੇ’ ਦਾ ਅਸਲ ਮਕਸਦ ਕੀ ਹੈ ਅਤੇ ਅੰਮ੍ਰਿਤਪਾਲ ਸਿੰਘ ਦੁਬਈ ਵਿੱਚ ਸੈੱਟ ਹੋਣ ਦੇ ਬਾਵਜੂਦ ਇੱਥੇ ਕਿਵੇਂ ਅਤੇ ਕਿਉਂ ਆਇਆ। ਉਨ੍ਹਾਂ ਕਿਹਾ ਕਿ ਪੰਜਾਬ ਖੂਨ-ਖਰਾਬੇ ਦੇ ਇੱਕ ਹੋਰ ਦੌਰ ਨੂੰ ਬਰਦਾਸ਼ਤ ਨਹੀਂ ਕਰੇਗਾ।