ਚਰਨਜੀਤ ਭੁੱਲਰ
ਚੰਡੀਗੜ੍ਹ, 6 ਜੁਲਾਈ
ਪੰਜਾਬ ਸਰਕਾਰ ਨੇ ਇੰਤਕਾਲ ਫ਼ੀਸ ਦੁੱਗਣੀ ਕਰਨ ਦੀ ਤਿਆਰੀ ਖਿੱਚ ਲਈ ਹੈ ਜਿਸ ਨਾਲ ਲੋਕਾਂ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। ਪੰਜਾਬ ਮੰਤਰੀ ਮੰਡਲ ਦੀ 8 ਜੁਲਾਈ ਨੂੰ ਹੋਣ ਵਾਲੀ ‘ਵਰਚੁਅਲ’ ਮੀਟਿੰਗ ਵਿੱਚ ਇੰਤਕਾਲ ਫ਼ੀਸ ਦੁੱਗਣੀ ਕੀਤੇ ਜਾਣ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਮਾਲ ਵਿਭਾਗ ਨੇ ਕੈਬਨਿਟ ਮੀਟਿੰਗ ਲਈ ਇੰਤਕਾਲ ਫ਼ੀਸ ’ਚ ਵਾਧੇ ਦਾ ਏਜੰਡਾ ਭੇਜ ਦਿੱਤਾ ਹੈ ਅਤੇ ਕੋਈ ਅੜਿੱਕਾ ਨਾ ਪਿਆ ਤਾਂ ਇੰਤਕਾਲ ਫ਼ੀਸ ’ਚ ਵਾਧਾ ਹੋਣਾ ਲਗਪਗ ਤੈਅ ਹੈ।
ਮਾਲ ਮਹਿਕਮੇ ਦੇ ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਮੌਜੂਦਾ ਇੰਤਕਾਲ ਫ਼ੀਸ 300 ਰੁਪਏ ਨੂੰ ਵਧਾ ਕੇ 600 ਰੁਪਏ ਕੀਤਾ ਜਾ ਰਿਹਾ ਹੈ। ਮਹਿਕਮੇ ਨੇ ਪੰਜਾਬ ਸਰਕਾਰ ਨੂੰ ਵਾਧੇ ਬਾਰੇ ਲਿਖ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵੱਡੀ ਮਾਲੀ ਸੱਟ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੱਜੇਗੀ। ਇੰਤਕਾਲ ਫ਼ੀਸ ਦੁੱਗਣੀ ਹੁੰਦੀ ਹੈ ਤਾਂ ਪੰਜਾਬ ਦੇ ਲੋਕਾਂ ’ਤੇ ਸਾਲਾਨਾ 25 ਕਰੋੜ ਦਾ ਨਵਾਂ ਭਾਰ ਪਵੇਗਾ। ਇਕ ਅੰਦਾਜ਼ੇ ਅਨੁਸਾਰ ਪੰਜਾਬ ਵਿੱਚ ਸਾਲਾਨਾ ਕਰੀਬ 8.25 ਲੱਖ ਇੰਤਕਾਲ ਹੁੰਦੇ ਹਨ।
ਪੰਜਾਬ ’ਚ ਹਰ ਮਹੀਨੇ 69 ਹਜ਼ਾਰ ਦੇ ਕਰੀਬ ਇੰਤਕਾਲ ਦਰਜ ਹੁੰਦੇ ਹਨ। ਮਾਲ ਮਹਿਕਮੇ ਦੇ ਸਾਬਕਾ ਕਾਨੂੰਗੋ ਨਿਰਮਲ ਸਿੰਘ ਜੰਗੀਰਾਣਾ (ਬਠਿੰਡਾ) ਨੇ ਦੱਸਿਆ ਕਿ 1990 ਤੋਂ ਪਹਿਲਾਂ ਇੰਤਕਾਲ ਫ਼ੀਸ ਸਿਰਫ਼ ਇੱਕ ਰੁਪਿਆ ਹੁੰਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਦਲੇ ਵਿੱਚ ਕਿਸਾਨਾਂ ਨੂੰ ਕੋਈ ਸਹੂਲਤ ਤਾਂ ਕੀ ਦੇਣੀ, ਪਰ ਫ਼ੀਸਾਂ ਦਾ ਭਾਰ ਆਏ ਦਿਨ ਵਧਾ ਦਿੱਤਾ ਜਾਂਦਾ ਹੈ। ਦੱਸਣਯੋਗ ਹੈ ਕਿ ਵਿਰਾਸਤਾਂ ਦੇ ਇੰਤਕਾਲ ਵੱਡੀ ਗਿਣਤੀ ਵਿਚ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਤਬਾਦਲਾ ਇੰਤਕਾਲ, ਗਹਿਣੇ ਆਦਿ ਦੇ ਇੰਤਕਾਲ ਰੈਗੂਲਰ ਹੁੰਦੇ ਹਨ।
ਸੂਤਰਾਂ ਅਨੁਸਾਰ ਬੇਅੰਤ ਸਰਕਾਰ ਸਮੇਂ ਪੰਜਾਬ ਵਿਚ ਇੰਤਕਾਲ ਫ਼ੀਸ ਵਿਚ ਵਾਧਾ ਹੋਇਆ ਸੀ। ਪਹਿਲਾਂ ਫ਼ੀਸ ਇੱਕ ਰੁਪਏ ਤੋਂ ਵਧਾ ਕੇ 50 ਰੁਪਏ ਕੀਤੀ ਗਈ ਅਤੇ ਦੂਸਰੀ ਵਾਰ 100 ਰੁਪਏ ਕੀਤੀ ਗਈ। ਮੁੱਖ ਮੰਤਰੀ ਵਜੋਂ ਰਜਿੰਦਰ ਕੌਰ ਭੱਠਲ ਦੇ ਕਾਰਜਕਾਲ ਦੌਰਾਨ ਇੰਤਕਾਲ ਫ਼ੀਸ ਵਧਾ ਕੇ 150 ਰੁਪਏ ਕਰ ਦਿੱਤੀ ਗਈ। ਮਗਰੋਂ ਆਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਇੰਤਕਾਲ ਫ਼ੀਸ ਵਧਾ ਕੇ 300 ਰੁਪਏ ਕਰ ਦਿੱਤੀ ਸੀ। ਬੀਕੇਯੂ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਸਰਕਾਰ ਅਜਿਹਾ ਫ਼ੈਸਲਾ ਲੈਣ ਤੋਂ ਗੁਰੇਜ਼ ਕਰੇ।
ਹਾਲੇ ਦੱਸ ਨਹੀਂ ਸਕਦੇ: ਖੰਨਾ
ਵਧੀਕ ਮੁੱਖ ਸਕੱਤਰ (ਮਾਲ) ਵਿਸ਼ਵਜੀਤ ਖੰਨਾ ਨੇ ਕਿਹਾ ਕਿ ਇੰਤਕਾਲ ਫ਼ੀਸ ਵਿਚ ਵਾਧੇ ਦਾ ਫ਼ੈਸਲਾ ਮੰਤਰੀ ਮੰਡਲ ਨੇ ਕਰਨਾ ਹੈ। ਜਦੋਂ ਕੋਈ ਫ਼ੈਸਲਾ ਹੋਵੇਗਾ, ਉਦੋਂ ਦੱਸ ਦਿੱਤਾ ਜਾਵੇਗਾ। ਅਗਾਊਂ ਹੀ ਏਜੰਡੇ ਬਾਰੇ ਕੁਝ ਨਹੀਂ ਦੱਸ ਸਕਦੇ। ਮਾਲ ਮੰਤਰੀ ਗੁਰਪ੍ਰੀਤ ਕਾਂਗੜ ਨੇ ਵੀ ਫ਼ੋਨ ਨਹੀਂ ਚੁੱਕਿਆ।