ਪੰਜਾਬ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ ਤਿਆਰੀ ਵਿੱਢੀ
ਆਤਿਸ਼ ਗੁਪਤਾ
ਚੰਡੀਗੜ੍ਹ, 24 ਜੂਨ
ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਖਰੀਦ ਪ੍ਰਬੰਧਾਂ ਅਤੇ ਫ਼ਸਲਾਂ ਦੇ ਰੱਖ-ਰਖਾਅ ਦੀਆਂ ਤਿਆਰੀਆਂ ਪੂਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਫ਼ਸਲਾਂ ਦੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਲਈ ਬਣਾਏ ‘ਗਰੁੱਪ ਆਫ਼ ਮਨਿਸਟਰਜ਼’ ਦੀ ਅੱਜ ਪਹਿਲੀ ਮੀਟਿੰਗ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ। ਇਸ ਵਿੱਚ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੈਂਬਰ ਵਜੋਂ ਸ਼ਾਮਲ ਹੋਏ। ਮੀਟਿੰਗ ਵਿੱਚ 1 ਅਕਤੂਬਰ ਤੋਂ ਨਵੰਬਰ ਦੇ ਅੱਧ ਤੱਕ ਚੱਲਣ ਵਾਲੇ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰ ਸਾਲ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਝੋਨੇ ਨੂੰ ਰੱਖਣ ਲਈ ਥਾਂ ਦੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਲੋੜੀਂਦੀ ਥਾਂ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਹਰ ਮਹੀਨੇ ਪੰਜਾਬ ਵਿੱਚੋਂ 10 ਤੋਂ 12 ਲੱਖ ਟਨ ਅਨਾਜ ਦੀ ਚੁਕਾਈ ਯਕੀਨੀ ਬਣਾਉਣੀ ਚਾਹੀਦੀ ਹੈ। ਸ੍ਰੀ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ 46 ਲੱਖ ਟਨ ਫ਼ਸਲ ਲਈ ਲੋੜੀਂਦੇ ਗੁਦਾਮਾਂ ਦਾ ਨਿਰਮਾਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਜਾ ਚੁੱਕੇ ਹਨ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਸਾਲ ਦਸੰਬਰ ਤੱਕ 40 ਲੱਖ ਟਨ ਥਾਂ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਗਲੇ ਸਾਲ ਜੂਨ ਦੇ ਅੰਤ ਤੱਕ ਲਗਪਗ 82-83 ਲੱਖ ਟਨ ਥਾਂ ਬਣਾ ਲਈ ਜਾਵੇਗੀ।