ਆਤਿਸ਼ ਗੁਪਤਾ
ਚੰਡੀਗੜ੍ਹ 2 ਜੁਲਾਈ
ਐੱਨਸੀਈਆਰਟੀ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਰਾਏ ਗਏ ਨੈਸ਼ਨਲ ਐਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਰਵੇ ਦੌਰਾਨ ਪੰਜਾਬ ਨੇ ਸਿੱਖਿਆ ਖੇਤਰ ਵਿੱਚ ਮੋਹਰੀ ਰਹਿਣ ਵਾਲੇ ਕੇਰਲਾ ਵਰਗੇ ਸੂਬੇ ਨੂੰ ਵੀ ਪਛਾੜ ਕੇ ਰੱਖ ਦਿੱਤਾ ਹੈ। ਐੱਨਏਐੱਸ (ਪਰਖ ਰਾਸ਼ਟਰੀ ਸਰਵੇਖਣ) ਵਿੱਚ ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ਵਿੱਚ 80 ਅੰਕਾਂ ਨਾਲ ਪਹਿਲਾ, ਜਦੋਂਕਿ ਹਿਮਾਚਲ ਪ੍ਰਦੇਸ਼ ਨੇ 74 ਅੰਕਾਂ ਨਾਲ ਦੂਜਾ ਅਤੇ ਕੇਰਲਾ ਨੇ 73 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਛੇਵੀਂ ਜਮਾਤ ਲਈ ਪੰਜਾਬ ਅਤੇ ਕੇਰਲਾ 67-67 ਅੰਕਾਂ ਨਾਲ ਸਾਂਝੇ ਤੌਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਰਹੇ ਹਨ। ਇਸ ਦੇ ਨਾਲ ਹੀ 9ਵੀਂ ਜਮਾਤ ਦੀ ਰੈਂਕਿੰਗ ਵਿੱਚ ਪੰਜਾਬ ਨੇ 57 ਅੰਕਾਂ ਨਾਲ ਹੋਰਨਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਰਵੇਖਣ ਐੱਨਸੀਈਆਰਟੀ ਵੱਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਰਵਾਇਆ ਜਾਂਦਾ ਹੈ। ਇਸ ਵਿੱਚ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਿੱਖਿਆ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਂਦਾ ਹੈ। ਸ੍ਰੀ ਬੈਂਸ ਨੇ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 845 ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ-ਕਮ-ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕੀਤਾ ਜਦੋਂਕਿ 265 ਵਿਦਿਆਰਥੀਆਂ ਨੇ ਸਾਂਝੀ ਪ੍ਰਵੇਸ਼ ਪ੍ਰੀਖਿਆ (ਜੇਈਈ) ਮੇਨਜ਼ ਸਫ਼ਲਤਾਪੂਰਵਕ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸਿਸਟਮ ਨੂੰ ਵਧੇਰੇ ਮਜ਼ਬੂਤ ਕੀਤਾ ਜਾ ਰਿਹਾ ਹੈ।