Punjab: ਪਾਕਿ ਆਧਾਰਿਤ ਅਤਿਵਾਦੀ ਰਿੰਦਾ ਨਾਲ ਸਬੰਧਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁਨ ਗ੍ਰਿਫ਼ਤਾਰ
ਪੰਜਾਬ ਪੁਲੀਸ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਪਾਕਿਸਤਾਨ ਆਧਿਰਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਯੂਐੱਸ-ਆਧਾਰਿਤ ਗੈਂਗਸਟਰ ਹੈਪੀ ਪੱਸੀਆਂ ਨਾਲ ਸਿੱਧੇ ਸਬੰਧ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ, ਜਗਦੀਸ਼ ਸਿੰਘ ਉਰਫ਼ ਜੱਗਾ ਅਤੇ ਸ਼ੁਭਦੀਪ ਸਿੰਘ ਔਲਖ ਉਰਫ਼ ਸ਼ੁਭ ਨੂੰ ਇੱਕ ਵੱਡੇ ਅਤਿਵਾਦੀ ਆਪ੍ਰੇਸ਼ਨ ਦੇ ਹਿੱਸੇ ਵਜੋਂ ਪੰਜਾਬ ਵਿੱਚ ਮਿਥ ਕੇ ਕਤਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਇੱਕ ਖੁਫੀਆ ਜਾਣਕਾਰੀ ’ਤੇ ਆਧਾਰਿਤ ਕਾਰਵਾਈ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਮੁਹਾਲੀ ਨੇ BKI ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸਿੱਧੇ ਤੌਰ ’ਤੇ ਪਾਕਿਸਤਾਨ-ਅਧਾਰਤ BKI ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ-ਆਧਾਰਿਤ ਹੈਪੀ ਪੱਸੀਆਂ ਨਾਲ ਜੁੜੇ ਹੋਏ ਹਨ ਅਤੇ ਇਹ ਸਰਹੱਦ ਪਾਰਲੇ ਅਤਿਵਾਦੀ ਨੈੱਟਵਰਕਾਂ ਲਈ ਇੱਕ ਵੱਡਾ ਝਟਕਾ ਹੈ।’’
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਸ਼ੁਰੂਆਤੀ ਪੁੱਛ ਪੜਤਾਲ ਦੌਰਾਨ ਖੁਲਾਸਾ ਕੀਤਾ ਕਿ ਉਨ੍ਹਾਂ ਰਿੰਦਾ ਦੇ ਨਿਰਦੇਸ਼ਾਂ ’ਤੇ ਇਸ ਮਹੀਨੇ 10 ਫਰਵਰੀ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਕਤਲ ਕੀਤਾ ਅਤੇ ਇੱਕ ਹੋਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਡੀਜੀਪੀ ਨੇ ਕਿਹਾ, ‘‘ਉਨ੍ਹਾਂ ਨੂੰ ਇੱਕ ਵੱਡੇ ਤਾਲਮੇਲ ਵਾਲੇ ਅਤਿਵਾਦੀ ਆਪ੍ਰੇਸ਼ਨ ਦੇ ਹਿੱਸੇ ਵਜੋਂ ਪੰਜਾਬ ਵਿੱਚ ਮਿਥ ਕੇ ਕਤਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।’’ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ 32 ਬੋਰ ਪਿਸਤੌਲ ਅਤੇ ਪੰਜ ਰੌਂਦ ਬਰਾਮਦ ਕੀਤੇ ਗਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮ ਜਗਦੀਸ਼ ਅਤੇ ਸ਼ੁਭਦੀਪ ਦੋਵੇਂ ਸੂਬੇ ਦੇ ਤਰਨਤਾਰਨ ਜ਼ਿਲ੍ਹ ਤੋਂ ਹਨ। -ਪੀਟੀਆਈ