ਪੰਜਾਬ ਨੂੰ ਸਿਆਸੀ ਧਿਰਾਂ ਨੇ ਆਪਣੇ ਹਿੱਤਾਂ ਲਈ ਵਰਤਿਆ: ਸੋਢੀ
ਜੋਗਿੰਦਰ ਸਿੰਘ ਮਾਨ
ਮਾਨਸਾ, 16 ਜੂਨ
ਭਾਜਪਾ ਦੇ ਸੂਬਾਈ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪਰਖ ਲਿਆ ਹੈ, ਜਿਸ ਕਰ ਕੇ ਸਾਰਿਆਂ ਦੇ ਫੇਲ੍ਹ ਹੋਣ ਤੋਂ ਬਾਅਦ ਇੱਕ ਮੌਕਾ ਭਾਜਪਾ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਹਿੱਤਾਂ ਲਈ ਵਰਤਿਆ ਹੈ ਅਤੇ ਇਥੋਂ ਦੇ ਲੋਕਾਂ ਨਾਲ ਕੀਤੇ ਹੋਏ ਕਿਸੇ ਵੀ ਵਾਅਦੇ ਨੂੰ ਨਹੀਂ ਨਿਭਾਇਆ, ਜਿਸ ਕਰ ਕੇ ਪੰਜਾਬ ਨਸ਼ਿਆਂ ’ਚ ਘਿਰ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆਲ ਦਾਸ ਸੋਢੀ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਹੁਣ ਭਾਜਪਾ ਦਾ ਸਾਥ ਦੇਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਰਾਜਨੀਤੀ ਨਹੀਂ ਕਰਦੀ, ਸਗੋਂ ਰਾਸ਼ਟਰ-ਨਿਰਮਾਣ ਅਤੇ ਲੋਕ-ਭਲਾਈ ਲਈ ਕੰਮ ਕਰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦਾ ਸਾਥ ਦੇ ਕੇ ਰਾਸ਼ਟਰ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ’ਚ ਭਾਜਪਾ ਪੰਜਾਬ ’ਚ ਵੀ ਮਜ਼ਬੂਤ ਹੋਕੇ ਉਭਰੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿੱਖ ਭਾਈਚਾਰੇ ਅਤੇ ਪੰਜਾਬ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ’ਤੇ ਕਰਤਾਰਪੁਰ ਸਾਹਿਬ ਲਾਂਘਾ ਹੈ। ਉਨ੍ਹਾਂ ਕਿਹਾ ਕਿ ਭਾਰਤ ਤੋਂ ਬਾਹਰ ਵੱਸਦੇ ਸਿੱਖਾਂ ਦੀ ਵਾਪਸੀ ਨੂੰ ਆਸਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲਗਪਗ 312 ਸਿੱਖਾਂ ਨੂੰ ਕਾਲੀ ਸੂਚੀ ’ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਨਿਆਂ ਪ੍ਰਕਿਰਿਆ ਨੂੰ ਤੇਜ਼ ਕੀਤਾ ਹੈ। ਇਸ ਮੌਕੇ ਰਾਕੇਸ਼ ਜੈਨ, ਵਿਨੋਦ ਕਾਲੀ, ਗੋਮਾ ਰਾਮ, ਭੋਲਾ ਸਿੰਘ ਮਾਨ ਤੇ ਮੱਖਣ ਲਾਲ ਆਦਿ ਮੌਜੂਦ ਸਨ।