ਗਗਨਦੀਪ ਅਰੋੜਾ
ਲੁਧਿਆਣਾ, 27 ਮਈ
ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਦੌਰਾਨ ਫੱਟੜ ਹੋਏ ਕਿਸਾਨਾਂ ਨਾਲ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਨੇ ਮੀਟਿੰਗ ਕੀਤੀ। ਕਮੇਟੀ ਦੀ ਅਗਵਾਈ ਵਿਧਾਇਕ ਕੁਲਦੀਪ ਸਿੰਘ ਵੈਦ, ਕੁਲਬੀਰ ਸਿੰਘ ਜ਼ੀਰਾ, ਸਰਵਜੀਤ ਕੌਰ ਮਾਣੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਵਿਧਾਨ ਸਭਾ ਦੇ ਹੋਰਨਾਂ ਮੈਂਬਰਾਂ ਨੇ ਕੀਤੀ। ਕਮੇਟੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਪ੍ਰਦਰਸ਼ਨਾਂ ਦੌਰਾਨ ਕਥਿਤ ਤੌਰ ’ਤੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਹੋਰਨਾਂ ਦੇ ਬਿਆਨ ਦਰਜ ਕੀਤੇ।
ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਦਰਸ਼ਨ ਦੌਰਾਨ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕਰ ਕੇ ਇਹ ਕਮੇਟੀ ਬਣਾਈ ਹੈ। ਕਮੇਟੀ ਨੇ ਕਿਹਾ ਕਿ ਉਹ ਪੰਜਾਬ ਦੇ ਹਰ ਖੇਤਰ ਦਾ ਦੌਰਾ ਕਰੇਗੀ ਅਤੇ ਦਿੱਲੀ ਤੇ ਹਰਿਆਣਾ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਪੀੜਤਾਂ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਪੀੜਤਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ। ਵਿਧਾਇਕਾਂ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲੀਸ ਵੱਲੋਂ ਕੀਤੇ ਜਬਰ ਬਾਰੇ ਬਿਆਨ ਦਰਜ ਕਰਾਉਣਾ ਚਾਹੁੰਦਾ ਹੈ, ਉਹ 97797-11022 ਅਤੇ 80544-95901 ’ਤੇ ਸੰਪਰਕ ਕਰ ਸਕਦਾ ਹੈ। ਇਸ ਦੌਰਾਨ ਕਾਫ਼ੀ ਕਿਸਾਨਾਂ ਨੇ ਅੰਦੋਲਨ ਦੌਰਾਨ ਹੋਈਆਂ ਵਧੀਕੀਆਂ ਬਾਰੇ ਕਮੇਟੀ ਮੈਂਬਰਾਂ ਨੂੰ ਦੱਸਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਤਸ਼ੱਦਦ ਕੀਤੇ।