ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਹਰਿਆਣਾ ਚੋਣਾਂ ਦੀ ਭਵਿੱਖੀ ਗਾਰੰਟੀ ਪੂਰੀ ਕਰਨ ਲਈ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਪੰਜਾਬ ਦੇ ਪਾਣੀਆਂ ’ਤੇ ਸਮਝੌਤਾ ਕੀਤਾ ਗਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਾਣਬੁੱਝ ਕੇ ਐੱਸਵਾਈਐੱਲ ਮਾਮਲੇ ਵਿਚ ਸੁਪਰੀਮ ਕੋਰਟ ’ਚ ਪੰਜਾਬ ਲਈ ਸੀਨੀਅਰ ਵਕੀਲ ਖੜ੍ਹਾ ਨਹੀਂ ਕੀਤਾ ਤਾਂ ਜੋ ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦਾ ਟੀਚਾ ਪੂਰਾ ਹੋ ਸਕੇ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਸਰਬ ਪਾਰਟੀ ਮੀਟਿੰਗ ਸੱਦ ਕੇ ਆਪਣਾ ਸਟੈਂਡ ਦੱਸਣ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਆਪ’ ਦੇ ਐੱਮਪੀ ਸੁਸ਼ੀਲ ਗੁਪਤਾ ਨੇ ਗਾਰੰਟੀ ਦਿੱਤੀ ਹੈ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣਨ ’ਤੇ ਐੱਸਵਾਈਐੱਲ ਨਹਿਰ ਰਾਹੀਂ ਹਰਿਆਣਾ ਨੂੰ ਪਾਣੀ ਮਿਲੇਗਾ। ਇਸ ਦੌਰਾਨ ਭਗਵੰਤ ਮਾਨ ਵੀ ਮੌਜੂਦ ਸਨ। -ਟਨਸ