Punjab Weather: ਪੰਜਾਬ ਵਿਚ ਮੌਸਮ ਦਾ ਬਦਲਿਆ ਮਿਜ਼ਾਜ; ਗਰਮੀ ਤੋਂ ਰਾਹਤ ਮਿਲਣ ਦੀ ਆਸ ਬੱਝੀ
Punjab Weather: ਮੌਸਮ ਵਿਗਿਆਨੀਆਂ ਵੱਲੋਂ ਅਗਲੇ ਪੰਜ ਦਿਨ ਮੀਂਹ ਦੀ ਪੇਸ਼ੀਨਗੋਈ
Punjab Weather: ਪੰਜਾਬ ਵਿੱਚ ਅੱਜ ਤੜਕਸਾਰ ਹੋਈ ਹਲਕੀ ਬੂੰਦਾਬਾਂਦੀ ਨੇ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਮਾਰਚ ਦੇ ਸ਼ੁਰੂਆਤੀ ਦਿਨਾਂ ਵਿੱਚ ਅਚਾਨਕ ਵਧੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ਼ ਕੇਂਦਰ ਦੇ ਸਾਬਕਾ ਵਿਗਿਆਨੀ ਡਾ. ਜੀ.ਐੱਸ. ਰੋਮਾਣਾ ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਅਗਲੇ 8-10 ਦਿਨ ਮੌਸਮ ਖ਼ੁਸ਼ਗਵਾਰ ਬਣਿਆ ਰਹੇਗਾ ਅਤੇ ਆਉਣ ਵਾਲੇ ਪੰਜ ਦਿਨਾਂ ਵਿੱਚ ਮਾਲਵਾ, ਮਾਝਾ ਤੇ ਦੁਆਬਾ ਖੇਤਰਾਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਇਸ ਭਵਿੱਖਬਾਣੀ ਨੇ ਜਿੱਥੇ ਆਮ ਲੋਕਾਂ ਨੂੰ ਤਪਸ਼ ਤੋਂ ਨਿਜਾਤ ਦਿਵਾਈ ਹੈ, ਉੱਥੇ ਹੀ ਖੇਤੀ ਮਾਹਿਰਾਂ ਨੇ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਰ ਗਿਰਾਵਟ ਦੀ ਉਮੀਦ ਜਤਾਈ ਹੈ।
ਦੂਜੇ ਪਾਸੇ, ਮੌਸਮ ਵਿੱਚ ਆਈ ਇਸ ਤਬਦੀਲੀ ਨੇ ਪੰਜਾਬ ਦੇ ਅੰਨਦਾਤੇ ਦੇ ਮੱਥੇ ’ਤੇ ਚਿੰਤਾ ਦੀਆਂ ਲਕੀਰਾਂ ਪਾ ਦਿੱਤੀਆਂ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਕਰਕੇ ਭਾਰੀ ਕਣਕ ਦੀ ਫ਼ਸਲ ਦੇ ਡਿੱਗਣ ਦਾ ਡਰ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਸਰੋਂ ਦੀ ਵਾਢੀ ਦਾ ਕੰਮ ਜ਼ੋਰਾਂ ’ਤੇ ਹੈ, ਜੋ ਇਸ ਮੀਂਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦਾ ਹੈ। ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਬੱਦਲਵਾਈ ਵਾਲੇ ਮੌਸਮ ਕਾਰਨ ਫ਼ਸਲਾਂ ’ਤੇ ਤੇਲੇ ਦਾ ਹਮਲਾ ਵੀ ਹੋ ਸਕਦਾ ਹੈ, ਜੋ ਪੱਕਣ ਕਿਨਾਰੇ ਪੁੱਜੀਆਂ ਫ਼ਸਲਾਂ ਦੇ ਝਾੜ ਨੂੰ ਪ੍ਰਭਾਵਿਤ ਕਰੇਗਾ।

