Punjab Weather: ਪੰਜਾਬ ਵਿੱਚ ਇਸ ਦਿਨ ਪੈ ਸਕਦੇ ਨੇ ਮੀਂਹ ਦੇ ਛਿੱਟੇ; ਜਾਣੋ ਆਪਣੇ ਸ਼ਹਿਰ ਦਾ ਹਾਲ
ਅਗਲੇ 4-5 ਦਿਨ ਪਾਰਾ 36-37 ਡਿਗਰੀ ਤੱਕ ਪਹੁੰਚਣ ਦੀ ਭਵਿੱਖਬਾਣੀ
ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਸਤੰਬਰ ਮਹੀਨੇ ਦੌਰਾਨ ਮੌਸਮ ਦਾ ਮਿਜ਼ਾਜ ਖੁਸ਼ਕ ਰਹਿਣ ਦੇ ਆਸਾਰ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਮਹੀਨੇ ਪੰਜਾਬ ਵਿੱਚ ਬਾਰਿਸ਼ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦਕਿ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਆਮ ਦੇ ਨੇੜੇ ਜਾਂ ਕੁਝ ਵੱਧ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਲਈ ਸਮੇਂ ਸਿਰ ਯੋਜਨਾਬੰਦੀ ਕਰਨ ਦੀ ਲੋੜ ਉੱਤੇ ਵੀ ਜ਼ੋਰ ਦਿੱਤਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੋਜ ਕੇਂਦਰ ਵਿੱਚ ਤਾਇਨਾਤ ਡਾ. ਜਤਿੰਦਰ ਕੌਰ ਅਨੁਸਾਰ ਬਠਿੰਡਾ ਖੇਤਰ ਵਿੱਚ ਆਉਣ ਵਾਲੇ 4-5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਤੋਂ 37 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 25 ਤੋਂ 26 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਆਸਮਾਨ ਵਿੱਚ ਬੱਦਲਵਾਈ ਬਣੀ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੇ ਵੀ ਆਸਾਰ ਹਨ। ਕੁਝ ਥਾਵਾਂ 'ਤੇ 3 ਤੋਂ 6 ਸਤੰਬਰ ਤੱਕ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ।
ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਮੌਸਮ ਦੇ ਮਿਜ਼ਾਜ ਨੂੰ ਧਿਆਨ ਵਿੱਚ ਰੱਖਦਿਆਂ ਤੇਲ-ਬੀਜ ਵਾਲੀਆਂ ਫ਼ਸਲਾਂ ਅਤੇ ਜੜ੍ਹ ਵਾਲੀਆਂ ਸਬਜ਼ੀਆਂ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ ਹੈ। ਨਰਮੇ ਦੀ ਫ਼ਸਲ ਸਬੰਧੀ ਕਿਸਾਨਾਂ ਨੂੰ ਖ਼ਾਸ ਚੌਕਸੀ ਵਰਤਣ ਲਈ ਕਿਹਾ ਗਿਆ ਹੈ। ਨਰਮੇ ਵਿੱਚ ਗੁਲਾਬੀ ਸੁੰਡੀ ਅਤੇ ਰਸ ਚੂਸਣ ਵਾਲੇ ਕੀੜੇ-ਮਕੌੜਿਆਂ ਦੇ ਹਮਲੇ ਲਈ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਲੋੜ ਪੈਣ 'ਤੇ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਕੇ ਹੀ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਸਲਾਹ ਦਿੱਤੀ ਗਈ ਹੈ।
ਮਾਹਿਰਾਂ ਨੇ ਪਸ਼ੂ ਪਾਲਕਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਹੈ। ਜ਼ਿਆਦਾ ਸਿੱਲ੍ਹ (ਨਮੀ) ਕਾਰਨ ਪਸ਼ੂਆਂ ਵਿੱਚ ਖੁਰਾਂ ਨਾਲ ਸਬੰਧਿਤ ਬਿਮਾਰੀਆਂ ਦਾ ਖ਼ਤਰਾ ਵਧ ਸਕਦਾ ਹੈ। ਇਸ ਲਈ ਪਸ਼ੂਆਂ ਨੂੰ ਰੱਖਣ ਵਾਲੀ ਥਾਂ ਸੁੱਕੀ ਅਤੇ ਸਾਫ਼-ਸੁਥਰੀ ਰੱਖਣ ਦੇ ਨਾਲ-ਨਾਲ ਉਨ੍ਹਾਂ ਦੇ ਹੇਠਾਂ ਸੁੱਕੀ ਜਗ੍ਹਾ ਮੁਹੱਈਆ ਕਰਵਾਉਣ ਦੀ ਤਜਵੀਜ਼ ਦਿੱਤੀ ਗਈ ਹੈ।
ਮੌਸਮ ਵਿਭਾਗ ਦੀ ਵਿਆਪਕ ਭਵਿੱਖਬਾਣੀ ਵੀ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਸਤੰਬਰ ਦੌਰਾਨ ਆਮ ਨਾਲੋਂ ਘੱਟ ਬਾਰਿਸ਼ ਅਤੇ ਆਮ ਤੋਂ ਕੁਝ ਵੱਧ ਤਾਪਮਾਨ ਕਈ ਖੇਤਰਾਂ ਵਿੱਚ ਖੇਤੀ ਅਤੇ ਪਾਣੀ ਦੇ ਪ੍ਰਬੰਧਨ ਲਈ ਚੁਣੌਤੀ ਬਣ ਸਕਦੇ ਹਨ।

