ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 3 ਅਪਰੈਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਬੁੱਕਲ ਸਿੰਘ ਨਗਰ ਵਿੱਚ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਆਉਂਦੇ ਛੇ ਮਹੀਨਿਆਂ ਵਿੱਚ ਪੰਜਾਬ ’ਚੋਂ ਚਿੱਟਾ ਹਰ ਹਾਲਤ ਵਿੱਚ ਖ਼ਤਮ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦਾ ਪਹਿਲਾ ਮਕਸਦ ਨਸ਼ਿਆਂ ਦਾ ਖ਼ਾਤਮਾ ਅਤੇ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਫ਼ਤਵਾ ਦਿੱਤਾ ਹੈ ਤੇ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਆਪਣੀ ਸਪੀਕਰ ਵਜੋਂ ਨਿਯੁਕਤੀ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਕੋਟਕਪੂਰਾ ਦੇ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਵਿਧਾਨ ਸਭਾ ਭੇਜਿਆ ਹੈ।