ਪੱਤਰ ਪ੍ਰੇਰਕ
ਅਮਲੋਹ, 26 ਜੂਨ
ਫ਼ਤਹਿਗੜ੍ਹ ਸਾਹਿਬ ਹਲਕੇ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਇੱਥੇ ਇੱਕ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਤੱਕ ਦੀ ਸਭ ਤੋਂ ਝੂਠੀ ਸਰਕਾਰ ਸਾਬਤ ਹੋਈ ਹੈ, ਜਿਸ ਨੇ ਤਿੰਨ ਮਹੀਨਿਆਂ ਵਿਚ ਲੋਕਾਂ ਨਾਲ ਕੀਤੇ ਵਾਅਦੇ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਦੋਂਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਕੇ ਵੋਟਾਂ ਹਾਸਲ ਕਰ ਲਈਆ ਪਰ ਹੁਣ ਵਾਅਦੇ ਪੂਰੇ ਕਰਨ ਦੀ ਥਾਂ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਗੁਮਰਾਹ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਲੋਕ 3 ਮਹੀਨੇ ਵਿਚ ਹੀ ਇਸ ਸਰਕਾਰ ਤੋਂ ਖਫ਼ਾ ਹੋ ਗਏ ਹਨ।
ਉਨ੍ਹਾਂ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਪੰਜਾਬ ਵਿਚ ਵੱਡੇ ਪੱਧਰ ’ਤੇ ਵਿਕਾਸ ਹੋਇਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਕਾਮਲ ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਿੱਜੀ ਸਕੱਤਰ ਰਾਮ ਕ੍ਰਿਸ਼ਨ ਭੱਲਾ ਆਦਿ ਹਾਜ਼ਰ ਸਨ।