ਪੱਤਰ ਪ੍ਰੇਰਕ
ਖਨੌਰੀ, 16 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਲਹਿਰਾ ਹਲਕੇ ਵਿੱਚ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪਿੰਡ ਕਰੋਂਦਾ, ਗੁਲਾੜੀ ਤੇ ਭੂਲਣ ਵਿੱਚ ਰੈਲੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਐੱਨਡੀਏ ਗੱਠਜੋੜ ਨੂੰ ਸਾਰੇ ਵਰਗਾਂ ਦੀ ਭਰਵੀਂ ਹਮਾਇਤ ਹਾਸਲ ਹੈ। ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਪਾਰਟੀਆਂ ਤੋਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨੀ ਬਹੁਤ ਜ਼ਰੂਰੀ ਤੇ ਸਮੇਂ ਦੀ ਲੋੜ ਵੀ ਹੈ। ਉਨ੍ਹਾਂ ਸਿਆਸੀ ਪਾਰਟੀਆਂ ਦੇ ਗੁਮਰਾਹਕੁਨ ਪ੍ਰਚਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਨਾ ਤਾਂ ਪੰਜਾਬ ਦੀਆਂ ਲੋੜਾਂ ਸਮਝ ਰਹੀਆਂ ਹਨ ਤੇ ਨਾ ਹੀ ਇਨ੍ਹਾਂ ਨੂੰ ਪੂਰਾ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਮਕਸਦ ਲੋਕਾਂ ਦੀਆਂ ਦਾ ਭਾਵਨਾਵਾਂ ਤੇ ਜ਼ਰੂਰਤਾਂ ਦਾ ਧਿਆਨ ਰੱਖਣਾ ਹੁੰਦਾ ਹੈ।