ਦਵਿੰਦਰ ਪਾਲ
ਚੰਡੀਗੜ੍ਹ, 25 ਅਕਤੂਬਰ
ਮੁੱਖ ਅੰਸ਼
- ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ
- ਕੇਂਦਰੀ ਕਾਰਵਾਈ ਸੰਵਿਧਾਨਕ ਹੱਕਾਂ ਦੀ ਉਲੰਘਣਾ ਤੇ ਸੰਘੀ ਭਾਵਨਾ ਦੇ ਖ਼ਿਲਾਫ਼ ਕਰਾਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਫ਼ੈਸਲੇ ਦਾ ਸੰਵਿਧਾਨਕ, ਕਾਨੂੰਨੀ ਅਤੇ ਸਿਆਸੀ ਤੌਰ ’ਤੇ ਸਖਤ ਵਿਰੋਧ ਕਰਨ ਦਾ ਅਹਿਦ ਕੀਤਾ ਗਿਆ। ਸਾਰੀਆਂ ਪਾਰਟੀਆਂ ਨੇ ਜਿੱਥੇ ਇਸ ਮੁੱਦੇ ’ਤੇ ਇਕਜੁੱਟਤਾ ਪ੍ਰਗਟਾਈ ਉਥੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੁੱਖ ਮੰਤਰੀ ਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੀਟਿੰਗ ਦੇ ਮੁੱਦੇ ’ਤੇ ਸ੍ਰੀ ਚੰਨੀ ’ਤੇ ਨਿਸ਼ਾਨਾ ਵੀ ਸੇਧਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਇਸ ਸੰਵੇਦਨਸ਼ੀਲ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਤੇ ਸੁਪਰੀਮ ਕੋਰਟ ’ਚ ਕੇਂਦਰ ਦੇ ਫੈਸਲੇ ਨੂੰ ਚੁਣੌਤੀ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਪੰਜਾਬ ਦੇ ਸ਼ਹੀਦ ਸੈਨਿਕਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਤਿੰਨੋਂ ਕਾਲੇ ਖੇਤੀ ਕਾਨੂੰਨ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਮੁੱਢੋਂ ਰੱਦ ਕਰ ਦਿੱਤੇ ਜਾਣਗੇ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਵਿਚਾਰ-ਚਰਚਾ ਤੋਂ ਫ਼ੈਸਲਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਕੋਲੋਂ ਮਿਲਣ ਲਈ ਸਮਾਂ ਮੰਗਿਆ ਜਾਵੇ ਤਾਂ ਜੋ ਮੁੱਖ ਮੰਤਰੀ ਸਾਰੀਆਂ ਸਿਆਸੀ ਧਿਰਾਂ ਦਾ ਇਕ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਕੋਲ ਜਾਣ ਅਤੇ ਉਨ੍ਹਾਂ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਨੋਟੀਫਿਕੇਸ਼ਨ ਵਾਪਸ ਲੈਣ ਲਈ ਅਪੀਲ ਕਰਨ। ਸ੍ਰੀ ਚੰਨੀ ਨੇ ਗੈਰ-ਭਾਜਪਾ ਸਰਕਾਰਾਂ ਅਤੇ ਹੋਰ ਸਿਆਸੀ ਪਾਰਟੀਆਂ ਨਾਲ ਖਾਸ ਕਰਕੇ ਪੱਛਮੀ ਬੰਗਾਲ ਅਤੇ ਰਾਜਸਥਾਨ ਸੂਬਿਆਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ, ‘ਸੂਬੇ ਵਿੱਚ ਸ਼ਾਂਤੀ, ਇਕਸੁਰਤਾ ਅਤੇ ਭਾਈਚਾਰੇ ਦੇ ਮਾਹੌਲ ਨੂੰ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।’ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੁੱਦੇ ਦੀ ਜ਼ੋਰਦਾਰ ਮੁਖਾਲਫਤ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਸ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਸ਼ਾਮਲ ਨਹੀਂ ਹੋਈ। ਸਰਬ ਪਾਰਟੀ ਮੀਟਿੰਗ ਦੌਰਾਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਵੀ ਇਕ ਹੋਰ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਸਰਬ ਪਾਰਟੀ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਕਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬੀਰ ਦਵਿੰਦਰ ਸਿੰਘ, ਸੀਪੀਆਈ (ਐੱਮ) ਦੇ ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ ਦੇ ਬੰਤ ਸਿੰਘ ਬਰਾੜ, ਟੀਐੱਮਸੀ ਪੰਜਾਬ ਯੂਨਿਟ ਦੇ ਮਨਜੀਤ ਸਿੰਘ ਮੁਹਾਲੀ, ਬਸਪਾ ਦੇ ਨਛੱਤਰਪਾਲ, ‘ਆਪ’ ਵਿਧਾਇਕ ਅਮਨ ਅਰੋੜਾ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸ਼੍ਰੋਮਣੀ ਅਕਾਲੀ ਦਲ (1920) ਦੇ ਹਰਬੰਸ ਸਿੰਘ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਗੁਰਿੰਦਰ ਸਿੰਘ, ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਅਤੇ ਰਣਦੀਪ ਸਿੰਘ ਨਾਭਾ ਅਤੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਹਾਜ਼ਰ ਸਨ।
ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਕਾਰ ਰਣਜੀਤ ਸਿੰਘ ਤਲਵੰਡੀ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦੇ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਦਾ ਵਿਰੋਧ ਕੀਤਾ। ਸ੍ਰੀ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਸਰਹੱਦੀ ਖੇਤਰ ’ਚ ਬੀਐੱਸਐੱਫ ਦਾ ਅਧਿਕਾਰ ਵਧਾ ਕੇ ਸੂਬੇ ਦੇ ਅਧਿਕਾਰਾਂ ’ਤੇ ਡਾਕਾ ਮਾਰਿਆ ਗਿਆ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਖੇਤੀ ਕਾਨੂੰਨਾਂ ਰਾਹੀਂ ਅਤੇ ਹੁਣ ਬੀਐੱਸਐੱਫ ਰਾਹੀਂ ਸੂਬਿਆਂ ਦੇ ਅਧਿਕਾਰਾਂ ਦਾ ਕੇਂਦਰੀਕਰਨ ਕਰ ਰਹੀ ਹੈ ਜਿਸ ਦਾ ਸਭ ਨੂੰ ਮਿਲ ਕੇ ਵਿਰੋਧ ਕਰਨਾ ਚਾਹੀਦਾ ਹੈ।
ਸ਼ਿਸ਼ਟਾਚਾਰ ਵਜੋਂ ਸ਼ਾਹ ਨੂੰ ਮਿਲਿਆ: ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਮੀਟਿੰਗ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ ਜਦਕਿ ਇਸ ਦਾ ਨੋਟੀਫਿਕੇਸ਼ਨ ਨਾਲ ਰੱਤੀ ਭਰ ਵੀ ਕੋਈ ਸਬੰਧ ਨਹੀਂ ਹੈ। ਸ੍ਰੀ ਚੰਨੀ ਨੇ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਿਸ਼ਟਾਚਾਰ ਵਜੋਂ ਮਿਲੇ ਸਨ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਅਮਿਤ ਸ਼ਾਹ ਕੋਲ ਕਰਤਾਰਪੁਰ ਲਾਂਘਾ ਖੋਲ੍ਹਣ ਤੇ ਖੇਤੀ ਕਾਨੂੰਨ ਰੱਦ ਕਰਨ ਦਾ ਮਸਲਾ ਵੀ ਉਠਾਇਆ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੀ ਕੁਝ ਦਿਨ ਪਹਿਲਾਂ ਅਮਿਤ ਸ਼ਾਹ ਨੂੰ ਮਿਲਣ ਗਏ ਸਨ ਪਰ ਉਨ੍ਹਾਂ ਇਸ ’ਤੇ ਕੋਈ ਇਤਰਾਜ਼ ਨਹੀਂ ਕੀਤਾ ਸੀ। ਸ੍ਰੀ ਚੰਨੀ ਨੇ ਇਹ ਵੀ ਸਪੱਸ਼ਟ ਕੀਤਾ, ‘ਕੋਈ ਵੀ ਨੇਤਾ ਮੇਰੀ ਪੰਜਾਬ ਪ੍ਰਤੀ ਸੰਜੀਦਗੀ ਅਤੇ ਸਮਰਪਨ ਦੀ ਭਾਵਨਾ ਉੱਤੇ ਉਂਗਲ ਨਹੀਂ ਚੁੱਕ ਸਕਦਾ ਕਿਉਂਕਿ ਮੈਂ ਪੰਜਾਬ ਦੀ ਮਿੱਟੀ ਨੂੰ ਪ੍ਰਣਾਇਆ ਹੋਇਆ ਹਾਂ।’
ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਤਾਕ ’ਚ ਭਾਜਪਾ: ਸਿੱਧੂ
ਚੰਡੀਗੜ੍ਹ (ਟਨਸ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੀਐੱਸਐੱਫ ਦਾ ਮਤਲਬ ਸੀਮਾ ਸੁਰੱਖਿਆ ਬਲ ਹੈ ਪਰ ਸੀਮਾ (ਬਾਰਡਰ) ਦੀ ਪਰਿਭਾਸ਼ਾ ਕੀ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਫ਼ੈਸਲੇ ਨਾਲ ਰਾਜ ਅੰਦਰ ਇੱਕ ਹੋਰ ਰਾਜ ਖੜ੍ਹਾ ਕਰਕੇ ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ, ਈਡੀ ਅਤੇ ਹੋਰ ਅਦਾਰਿਆਂ ਤੋਂ ਬਾਅਦ ਬੀਐੱਸਐੱਫ ਨੂੰ ਵੀ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੀ ਸਰਕਾਰ ਵਾਲੇ ਸੂਬਿਆਂ ਦੀ ਖੁਦਮੁਖ਼ਤਿਆਰੀ ਵਿੱਚ ਦਖਲ ਦੇਣ ਲਈ ਵਰਤੇਗੀ। ਉਨ੍ਹਾਂ ਕਿਹਾ ਕਿ ਭਾਜਪਾ ਕਿਉਂਕਿ ਪੰਜਾਬ ’ਚ ਕਦੇ ਜਿੱਤ ਨਹੀਂ ਸਕਦੀ, ਇਸ ਗੱਲ ਨੇ ਕੇਂਦਰ ਦੀ ਨੀਂਦ ਖਰਾਬ ਕੀਤੀ ਹੋਈ ਹੈ। ਇਸ ਕਰਕੇ ਉਹ ਪੰਜਾਬ ਵਿੱਚ ਸ਼ਾਂਤਮਈ ਚੋਣਾਂ ਨਹੀਂ ਹੋਣ ਦੇਣਾ ਚਾਹੁੰਦੇ। ਉਹ ਬੀਐੱਸਐੱਫ ਅਤੇ ਕੇਂਦਰੀ ਤਾਕਤਾਂ ਨੂੰ ਪੰਜਾਬ ਉੱਪਰ ਰਾਜ ਕਰਨ ਲਈ ਵਰਤ ਰਹੇ ਹਨ ਅਤੇ ਰਾਸ਼ਟਰਪਤੀ ਰਾਜ ਵਰਗੀ ਸਥਿਤੀ ਲਿਆਉਣਾ ਚਾਹੁੰਦੇ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਇਹ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੀ ਕਿਉਂ ਵਾਪਰ ਰਿਹਾ ਹੈ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਜੋ ਜਮਹੂਰੀਅਤ ਦਾ ਧੁਰਾ ਹੁੰਦੀ ਹੈ, ਦਾ ਗਲ ਘੁੱਟਣ ਲਈ ਇਹ ਸਭ ਹੋ ਰਿਹਾ ਹੈ।
ਏਪੀਐੱਮਸੀ ਐਕਟ ’ਚ ਕੀਤੀਆਂ ਸੋਧਾਂ ਰੱਦ ਹੋਣ: ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਮੰਗ ਕੀਤੀ ਕਿ ਬੀਐੱਸਐੱਫ ਦੇ ਪੰਜਾਬ ’ਚ ਅਧਿਕਾਰ ਖੇਤਰ 10 ਜ਼ਿਲ੍ਹਿਆਂ ’ਚ ਵਧਾਏ ਜਾਣ ਦੇ ਫੈਸਲੇ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ ਅਤੇ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨ ਤੇ 2017 ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਏਪੀਐਮਸੀ ਐਕਟ ’ਚ ਕੀਤੀਆਂ ਸੋਧਾਂ ਵੀ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੀਐੱਸਐੱਫ ਦੇ ਅਧਿਕਾਰ ਖੇਤਰ ’ਚ ਵਾਧਾ ਕੀਤੇ ਜਾਣ ਦੀ ਹਮਾਇਤ ਕੀਤੀ ਸੀ। ਵਫਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਆਪਣੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਬਾਰੇ ਸਪੱਸ਼ਟੀਕਰਨ ਦੇਣ ਕਿਉਂਕਿ ਪੰਜਾਬੀਆਂ ਦੇ ਮਨਾਂ ਵਿਚ ਇਹ ਤੌਖਲਾ ਹੈ ਕਿ ਉਨ੍ਹਾਂ ਉਸ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਫੈਸਲੇ ਦੇ ਐਲਾਨ ਲਈ ਸਹਿਮਤੀ ਦਿੱਤੀ ਸੀ।
ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਕੋਲ ਗਹਿਣੇ ਰੱਖਿਆ: ‘ਆਪ’
ਆਮ ਆਦਮੀ ਪਾਰਟੀ (ਆਪ) ਵੱਲੋਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਨੇ ਪੰਜਾਬ ਨੂੰ ਕੇਂਦਰ ਸਰਕਾਰ ਕੋਲ ਗਹਿਣੇ ਰੱਖ ਦਿੱਤਾ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਕੇਂਦਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਤੋਂ ਬਾਅਦ ਹੀ ਬੀਐੱਸਐੱਫ ਦੇ ਅਧਿਕਾਰਾਂ ’ਚ ਵਾਧਾ ਕਰਕੇ ਅੱਧਾ ਪੰਜਾਬ ਕੇਂਦਰ ਨੇ ਆਪਣੇ ਹਵਾਲੇ ਕਰ ਲਿਆ। ਇਸ ਲਈ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚ ਰੱਖਣਾ ਚਾਹੀਦਾ ਹੈ ਕਿ ਕਿਹੜੇ ਕਾਰਨਾਂ ਅਤੇ ਕਮਜ਼ੋਰੀਆਂ ਕਰਕੇ 50 ਫ਼ੀਸਦੀ ਸੂਬੇ ’ਤੇ ਭਾਜਪਾ ਦਾ ਕਬਜ਼ਾ ਕਰਵਾ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡਰੋਨ ਅਤੇ ਰਾਸ਼ਟਰੀ ਸੁਰੱਖਿਆ ਦਾ ਰਾਗ ਅਲਾਪ ਕੇ ਪੰਜਾਬ ਵਾਸੀਆਂ ਨੂੰ ਡਰਾਉਣ ਲੱਗੇ ਹੋਏ ਹਨ, ਜਦਕਿ ਅੱਜ ਸਰਬ ਪਾਰਟੀ ਬੈਠਕ ਦੌਰਾਨ ਸਰਕਾਰ ਵੱਲੋਂ ਦੱਸਿਆ ਗਿਆ ਕਿ ਕੌਮਾਂਤਰੀ ਸੀਮਾ ਤੋਂ ਵੱਧ ਤੋਂ ਵੱਧ 3-4 ਕਿਲੋਮੀਟਰ ਤੱਕ ਹੀ ਅੰਦਰ ਆ ਸਕੇ ਹਨ।