ਚੰਡੀਗੜ੍ਹ, 30 ਮਈ
ਐਨਐਸਯੂਆਈ ਦੇ ਪ੍ਰਧਾਨ ਅਕਸ਼ੈ ਕੁਮਾਰ ਵੱਲੋਂ ਗੈਂਗਸਟਰ ਗੋਲਡੀ ਬਰਾੜ ਰਾਹੀਂ ਧਮਕੀਆਂ ਦੇਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਪੰਜਾਬੀ ਫ਼ਿਲਮ ਅਦਾਕਾਰ ਕਰਤਾਰ ਚੀਮਾ ਨੂੰ ਸਿਵਲ ਲਾਈਨ ਪੁਲੀਸ ਨੇ ਅੱਜ ਹਿਰਾਸਤ ਵਿੱਚ ਲੈ ਲਿਆ। ਇਸ ਝਗੜੇ ਦਾ ਕਾਰਨ ਪੈਸਿਆਂ ਦਾ ਲੈਣ ਦੇਣ ਦੱਸਿਆ ਜਾ ਰਿਹਾ ਹੈ। ਥਾਣਾ ਸਿਵਲ ਲਾਈਨ ਦੇ ਐਸਐਚਓ ਅਮੋਲਕਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਕਸ਼ੈ ਕੁਮਾਰ ਨੇ ਦਾਅਵਾ ਕੀਤਾ ਕਿ ਉਸ ਨੇ ਕਰਤਾਰ ਚੀਮਾ ਨੂੰ 25 ਲੱਖ ਰੁਪਏ ਕਰਜ਼ੇ ’ਤੇ ਦਿੱਤੇ ਸਨ, ਜੋ ਉਸ ਨੇ ਵਾਪਸ ਨਹੀਂ ਕੀਤੇ। ਉਸ ਨੇ ਦੋਸ਼ ਲਾਇਆ ਕਿ ਚੀਮਾ ਨੇ ਗੈਂਗਸਟਰ ਗੋਲਡੀ ਬਰਾੜ ਰਾਹੀਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ ਕਿ ਇਕ ਰੁਪਇਆ ਵੀ ਵਾਪਸ ਨਹੀਂ ਕੀਤਾ ਜਾਵੇਗਾ। ਅਕਸ਼ੈ ਕੁਮਾਰ ਨੇ ਦਾਅਵਾ ਕੀਤਾ ਕਿ ਅੱਜ ਜਦੋਂ ਉਹ ਮਾਲ ਰੋਡ ’ਤੇ ਜਿਮ ਜਾ ਰਿਹਾ ਸੀ ਤਾਂ ਉਸ ਦੇ ਪਿੱਛੇ ਚੀਮਾ ਆਇਆ ਜਿਸ ਨੇ ਉਸ ’ਤੇ ਪਿਸਤੌਲ ਤਾਣ ਦਿੱਤਾ। ਉਸ ਨੇ ਪੁਲੀਸ ਨੂੰ ਮੌਕੇ ’ਤੇ ਸੱਦਿਆ। ਇਸ ਤੋਂ ਬਾਅਦ ਪੁਲੀਸ ਨੇ ਕਰਤਾਰ ਚੀਮਾ ਨੂੰ ਗ੍ਰਿਫ਼ਤਾਰ ਕਰ ਲਿਆ।