ਸੁੰਦਰ ਨਾਥ ਆਰੀਆ
ਅਬੋਹਰ, 17 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਲੰਘ ਰਿਹਾ ਹੈ ਕਿਉਂਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਇੱਥੇ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹੀ। ਸਰਕਾਰ ਦੀ ਨਾਕਾਮੀ ਕਾਰਨ ਦਿਨੋ-ਦਿਨ ਗੈਂਗਵਾਰ ਵਧ ਰਹੀ ਹੈ। ਪਿਛਲੀਆਂ ਚੋਣਾਂ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ ਪਰ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਸ੍ਰੀ ਸ਼ਰਮਾ ਅਬੋਹਰ ਵਿੱਚ ਆਪਣੇ ਦੌਰੇ ਦੌਰਾਨ ਅਮਰਪੁਰਾ ਵਿੱਚ ਪਹਿਲੀ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਂਦੇ ਹੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦਿੱਤੀ ਜਾਵੇਗੀ ਅਤੇ ਹਰ ਘਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਅੱਜ ਸਰਕਾਰ ਆਪਣੇ ਵਾਅਦੇ ਤੋਂ ਪੂਰੀ ਤਰ੍ਹਾਂ ਮੁਕਰ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਪੂਰੀ ਤਰ੍ਹਾਂ ਖਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਤਿਵਾਦ ਤੋਂ ਛੁਟਕਾਰਾ ਪਾਉਣ ਲਈ ਵੱਡੀ ਕੀਮਤ ਅਦਾ ਕੀਤੀ ਹੈ ਪਰ ‘ਆਪ’ ਸਰਕਾਰ ਨੇ ਪੰਜਾਬੀਆਂ ਨੂੰ 80 ਦੇ ਦਹਾਕੇ ਦੀ ਯਾਦ ਦਿਵਾ ਦਿੱਤੀ ਹੈ, ਜਦੋਂ ਦਹਿਸ਼ਤੀ ਘਟਨਾਵਾਂ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀ ਬਜਾਏ ਰਾਘਵ ਚੱਢਾ ਅਤੇ ਕੇਜਰੀਵਾਲ ਨੂੰ ਖੁਸ਼ ਕਰਨ ਵਿੱਚ ਰੁੱਝੇ ਹੋਏ ਹਨ। ਇਸ ਮੌਕੇ ਮੰਚ ’ਤੇ ਸੂਬਾਈ ਸਕੱਤਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਰਾਕੇਸ਼ ਢੁਡੀਆ, ਮਹਿਲਾ ਮੋਰਚੇ ਦੀ ਸੂਬਾਈ ਅਹੁਦੇਦਾਰ ਮੋਨਾ ਜੈਸਵਾਲ ਤੇ ਵਿਸ਼ਾਲ ਬਿਸ਼ਨੋਈ ਆਦਿ ਹਾਜ਼ਰ ਸਨ।
‘ਸਰਕਾਰ ਸੂਬੇ ਨੂੰ ਜੰਗਲ ਰਾਜ ਵੱਲ ਧਕੇਲ ਰਹੀ ਹੈ’
ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰਨ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਜੰਗਲ ਰਾਜ ਵੱਲ ਧਕੇਲ ਰਹੀ ਹੈ। ਉਹ ਕਸਬਾ ਘੁਬਾਇਆ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਸ਼ਰਮਾ ਨੇ ਕਿਹਾ ਬੀਤੇ ਸੱਤ ਮਹੀਨਿਆਂ ਤੋਂ ਸੂਬੇ ਵਿੱਚ ਹਰ ਰੋਜ਼ ਕਿਧਰੇ ਨਾ ਕਿਧਰੇ ਖੂਨ ਵਹਿ ਰਿਹਾ ਹੈ ਅਤੇ ਨੌਜਵਾਨ ਨਸ਼ਿਆਂ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ ਜਦ ਕਿ ਸਰਕਾਰ ਕਰੋੜਾਂ ਰੁਪਏ ਦੇ ਇਸ਼ਤਿਹਾਰਾਂ ਰਾਹੀਂ ਕੂੜ ਪ੍ਰਚਾਰ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਦਰਸ਼ਨ ਲਾਲ ਵਧਵਾ ਦੇ ਵਪਾਰਕ ਸਥਾਨ ਵਿਖੇ ਇਕ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕੀ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਲੈ ਕੇ ਦੋਹਰੇ ਮਾਪਦੰਡ ਅਪਣਾ ਰਹੀ ਹੈ।