ਨਵਕਿਰਨ ਸਿੰਘ
ਮਹਿਲ ਕਲਾਂ, 19 ਜਨਵਰੀ
ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦਾ ਤਿੰਨ ਰੋਜ਼ਾ 88ਵਾਂ ਸ਼ਹੀਦੀ ਸਮਾਗਮ ਪਿੰਡ ਠੀਕਰੀਵਾਲਾ ’ਚ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਹਾਕਿਆਂ ਤੋਂ ਇੱਥੇ ਸੂਬੇ ਦਾ ਮੁੱਖ ਮੰਤਰੀ ਜਾਂ ਸੂਬੇ ਦੇ ਸੀਨੀਅਰ ਮੰਤਰੀ ਪੁੱਜੇ ਰਹੇ ਹਨ ਪਰ ਇਸ ਵਾਰ ਕਿਸਾਨ ਸੰਘਰਸ਼ ਕਾਰਨ ਪਿੰਡ ਵਾਸੀਆਂ ਨੇ ਵੋਟ ਸਿਆਸਤ ਨਾਲ ਜੁੜੀਆਂ ਰਾਜਸੀ ਪਾਰਟੀਆਂ ਨੂੰ ਨਕਾਰ ਕੇ ਤੈਅ ਕੀਤਾ ਕਿ ਸਿਰਫ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹੀ ਸੰਬੋਧਨ ਕਰਨਗੇ। ਪਿੰਡ ਵਾਸੀਆਂ ਵੱਲੋਂ ਇਸ ਵਾਰ ਸ਼ਹੀਦੀ ਸਮਾਗਮ ਖੇਤੀ ਕਾਨੂੰਨਾਂ ਖ਼ਿਲਾਫ਼ ਲੜੇ ਗਏ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕੀਤਾ ਗਿਆ। ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੀ ਨੌਂ ਮੈਂਬਰੀ ਕਮੇਟੀ ਦੇ ਮੈਂਬਰ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਪਰਜਾ ਮੰਡਲ ਲਹਿਰ ਤੋਂ ਪ੍ਰੇਰਨਾ ਲੈ ਕੇ ਹੀ ਲੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਸ ਸਮੇਂ ਦੀ ਰਜਵਾੜਾਸ਼ਾਹੀ ਖ਼ਿਲਾਫ਼ ਪਰਜਾ ਮੰਡਲ ਲਹਿਰ ਲੜੀ, ਉਸੇ ਤਰ੍ਹਾਂ ਹੀ ਮੋਦੀ ਹਕੂਮਤ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਲੜਿਆ ਹੈ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੌਜੂਦਾ ਕਿਸਾਨ ਸੰਘਰਸ਼ ਵਿੱਚ ਸਭ ਤੋਂ ਮੋਹਰੀ ਰੋਲ ਪੰਜਾਬੀਆਂ ਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਵੋਟਾਂ ਅਹਿਮੀਅਤ ਨਹੀਂ ਰੱਖਦੀਆਂ, ਬਲਕਿ ਐੱਮਐੱਸਪੀ ਸਮੇਤ ਰਹਿੰਦੀਆਂ ਕਿਸਾਨ ਮੰਗਾਂ ਦੀ ਪੂਰਤੀ ਲਈ ਕਿਸਾਨ ਸੰਘਰਸ਼ ਪਹਿਲਾਂ ਵਾਂਗ ਜਾਰੀ ਰਹੇਗਾ। ਜੈ ਕਿਸਾਨ ਅੰਦੋਲਨ ਦੇ ਸੂਬਾ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ ਨੇ ਕਿਹਾ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੇ ਕਿਸਾਨਾਂ, ਮਜ਼ਦੂਰਾਂ ਦੀ ਹੋਂਦ ਨੂੰ ਬਚਾਉਣ ਲਈ ਸੰਘਰਸ਼ ਕੀਤਾ ਤੇ ਕਿਸਾਨ ਅੰਦੋਲਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਸੋਚ ਨੂੰ ਸਮਰਪਿਤ ਸੰਘਰਸ਼ ਸੀ। ਬੀਕੇਯੂ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਲੋਕ ਮਸਲੇ ਸੰਘਰਸ਼ਾਂ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ। ਬੀਕੇਯੂ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਸੋਚ ’ਤੇ ਪਹਿਰਾ ਦਿੰਦਿਆਂ ਕਿਸਾਨਾਂ, ਮਜ਼ਦੂਰਾਂ ਦੀ ਰਾਖੀ ਕਰਨ ਦੀ ਲੋੜ ਹੈ। ਬੀਕੇਯੂ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਤੇ ਸੀਨੀਅਰ ਆਗੂ ਜਸਪਾਲ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸਾਨ ਵਿਰੋਧੀ ਪਾਰਟੀ ਹੈ, ਜਿਸ ਦਾ ਮੰਤਵ ਕਿਸਾਨ ਹਿੱਤਾਂ ਨੂੰ ਅਣਗੌਲਿਆ ਕਰਨਾ ਹੈ ਤੇ ਅਜਿਹੀ ਪਾਰਟੀ ਦਾ ਵਿਰੋਧ ਜ਼ਰੂਰੀ ਹੈ। ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਠੀਕਰੀਵਾਲਾ, ਪ੍ਰਬੰਧਕ ਕਮੇਟੀ ਮੈਂਬਰਾਂ ਹਾਕਮ ਸਿੰਘ ਧਾਲੀਵਾਲ, ਅਵਤਾਰ ਸਿੰਘ ਠੀਕਰੀਵਾਲਾ ਹਾਜ਼ਰ ਸਨ।