ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੋਣ ਸਰਵੇਖਣਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ’ਚ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਹੋ ਗਿਆ, ਉਸੇ ਤਰ੍ਹਾਂ 10 ਮਾਰਚ ਨੂੰ ਪੰਜਾਬ ਵਿੱਚ ਵੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਫਿਰਕਾਪ੍ਰਸਤੀ ਵਾਲੀ, ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਹੀ ਨਹੀਂ ਪੂਰੇ ਦੇਸ਼ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਦੇ ਲੋਕਾਂ ਕੋਲ ਕਾਂਗਰਸ ਤੇ ਭਾਜਪਾ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਸੀ ਪਰ ਹੁਣ ਲੋਕਾਂ ਨੂੰ ਇਮਾਨਦਾਰ ਅਤੇ ਕੰਮ ਕਰਨ ਵਾਲੀ ਆਮ ਆਦਮੀ ਪਾਰਟੀ ਮਿਲ ਗਈ ਹੈ।