DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬੀਆਂ ਨੇ ਨਫ਼ਰਤ ਫੈਲਾਉਣ ਵਾਲਿਆਂ ਦੇ ਮਨਸੂਬਿਆਂ ’ਤੇ ਪਾਣੀ ਫੇਰਿਆ: ਮਾਨ

ਇੱਥੇ ਲਾਲ ਬਾਦਸ਼ਾਹ ਦੇ ਡੇਰੇ ’ਤੇ ਉਨ੍ਹਾਂ ਦੀ ਯਾਦ ਵਿੱਚ ਸਾਈਂ ਹੰਸ ਰਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਸਾਲਾਨਾ ਮੇਲੇ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ...

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਹੰਸ ਰਾਜ ਹੰਸ। -ਫੋਟੋ: ਸਰਬਜੀਤ ਸਿੰਘ
Advertisement

ਇੱਥੇ ਲਾਲ ਬਾਦਸ਼ਾਹ ਦੇ ਡੇਰੇ ’ਤੇ ਉਨ੍ਹਾਂ ਦੀ ਯਾਦ ਵਿੱਚ ਸਾਈਂ ਹੰਸ ਰਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਸਾਲਾਨਾ ਮੇਲੇ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਤਮਸਤਕ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਜਿਹੀ ਧਰਤੀ ਹੈ ਜਿਸ ਵਿੱਚ ਜੋ ਕੁਝ ਵਿੱਚ ਵੀ ਬੀਜਿਆ ਜਾਂਦਾ ਹੈ, ਉੱਗ ਪੈਂਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗਦਾ। ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੋਣ ਕਰ ਕੇ ਇੱਥੇ ਉਨ੍ਹਾਂ ਦੀ ਯਾਦ ’ਚ ਲੱਗਣ ਵਾਲੇ ਮੇਲੇ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੇ ਪ੍ਰਤੀਕ ਹਨ। ਕਈ ਵਾਰ ਕੁਝ ਲੋਕਾਂ ਨੇ ਪੰਜਾਬ ਵਿੱਚ ਨਫਰਤ ਫੈਲਾਉਣ ਦਾ ਕੰਮ ਕੀਤਾ ਪਰ ਪੰਜਾਬੀਆਂ ਨੇ ਅਜਿਹੇ ਲੋਕਾਂ ਦੇ ਮਨਸੂਬਿਆਂ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਪਦਮਸ਼੍ਰੀ ਰਾਜ ਗਾਇਕ ਹੰਸ ਰਾਜ ਹੰਸ ਦੀ ਤਾਰੀਫ਼ ਕਰਦਿਆਂ ਉਨ੍ਹਾਂ ਨੂੰ ਸਾਈਂ ਦਰਵੇਸ਼ ਦਾ ਖ਼ਿਤਾਬ ਦਿੱਤਾ ਤੇ ਲੋਕਾਂ ਦੀ ਸੇਵਾ ਕਰਦੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਫੀਪੁਰ ਪਿੰਡ ਵਿੱਚ ਕਿਰਤੀਆਂ ਦੇ ਘਰ ਜਨਮ ਲੈ ਕੇ ਦੁਨੀਆਂ ਵਿੱਚ ਛਾ ਜਾਣ ਵਾਲੇ ਹੰਸ ਅੱਜ ਵੀ ਲੋਕਾਂ ਦੇ ਦਿਲਾਂ ’ਤੇ ਰਾਜ ਕਰ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਪਹਿਲਾਂ ਸਿਆਸੀ ਆਗੂ ਕਲਾਕਾਰਾਂ ਨੂੰ ਇਕੱਠ ਕਰਨ ਲਈ ਸੱਦਦੇ ਹੁੰਦੇ ਸਨ। ਇਸ ਦੇ ਉਲਟ ਹੁਣ ਲੋਕਾਂ ਨੇ ਕਾਮੇਡੀ ਕਰਨ ਵਾਲੇ ਨੂੰ ਮੁੱਖ ਮੰਤਰੀ ਬਣਾ ਕੇ ਰਾਜਨੀਤਕ ਲੋਕਾਂ ਨੂੰ ਕਾਮੇਡੀ ਕਰਨ ਲਗਾ ਦਿੱਤਾ ਹੈ। ਕਲਾਕਾਰਾਂ ਅਤੇ ਕਾਮੇਡੀ ਕਰਨ ਵਾਲਿਆਂ ਨੇ ਲੋਕਾਂ ’ਤੇ ਅਜਿਹਾ ਜਾਦੂ ਚਲਾਇਆ ਕਿ ਲੋਕਾਂ ਨੇ ਰਾਜਨੀਤੀ ਦੇ ਵੱਡੇ-ਵੱਡੇ ਬੋਹੜ ਪੁੱਟ ਦਿੱਤੇ। ਦੱਖਣੀ ਭਾਰਤ ਵਿੱਚ ਤਾਂ ਪਹਿਲਾਂ ਹੀ ਲੋਕ ਕਲਾਕਾਰਾਂ ਦਾ ਬਹੁਤ ਮਾਣ ਸਤਿਕਾਰ ਕਰ ਕੇ ਉਨ੍ਹਾਂ ਨੂੰ ਰਾਜਨੀਤੀ ਦੇ ਵੱਡੇ-ਵੱਡੇ ਅਹੁਦਿਆਂ ’ਤੇ ਬਿਰਾਜਮਾਨ ਕਰ ਰਹੇ ਸਨ ਪਰ ਹੁਣ ਉੱਤਰੀ ਭਾਰਤ ਦੇ ਲੋਕ ਵੀ ਅਜਿਹਾ ਕਰਨ ਲੱਗ ਪਏ ਹਨ।

ਉਨ੍ਹਾਂ ਕਿਹਾ ਕਿ ਔਰਤਾਂ ਦੀ ਸੇਵਾ ਲਈ ਉਨ੍ਹਾਂ ਨੇ ਮਾਵਾਂ/ਧੀਆਂ ਸਤਿਕਾਰ ਯੋਜਨਾ ਅਤੇ ਬਜ਼ੁਰਗਾਂ ਲਈ ਤੀਰਥ ਯਾਤਰਾ ਸਕੀਮ ਚਲਾਈ ਹੈ। ਇਸ ਤਹਿਤ ਬਜ਼ੁਰਗ ਉਨ੍ਹਾਂ ਨੂੰ ਸਤਿਕਾਰ ਅਤੇ ਪਿਆਰ ਦੇ ਰਹੇ ਹਨ। ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮਿਹਨਤ ਕਰ ਰਹੀ ਹੈ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ, ‘ਆਪ’ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ, ਮੇਲੇ ਦੇ ਪ੍ਰਬੰਧਕ, ਸਿਵਲ ਤੇ ਪੁਲੀਸ ਅਧਿਕਾਰੀ ਅਤੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।

Advertisement

ਮੁੱਖ ਮੰਤਰੀ ਵੱਲੋਂ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ

ਜਲੰਧਰ (ਹਤਿੰਦਰ ਮਹਿਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲਗਪਗ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ​​ਕਰੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਇੰਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਜ਼ਿਕਰ ਕੀਤਾ ਕਿ ਲਗਪਗ ਛੇ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸ ਨੇ ਕਈ ਸ਼ਾਨਦਾਰ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਇਸ ਪ੍ਰਾਜੈਕਟ ਨੂੰ ਸਿਰੇ ਚਾੜ੍ਹੇਗਾ ਅਤੇ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਨਿਰਮਾਣ ਕਾਰਜ ਅਗਸਤ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਹੋਣ ਤੋਂ ਬਾਅਦ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਕੁੱਲ 10 ਇੰਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਇੱਕੋ-ਇੱਕ ਅਜਿਹਾ ਖੇਡ ਮੈਦਾਨ ਬਣ ਜਾਵੇਗਾ, ਜਿੱਥੇ ਇੰਨਾ ਵੱਡਾ ਇੰਡੋਰ ਬੈਡਮਿੰਟਨ ਕੰਪਲੈਕਸ ਹੋਵੇਗਾ ਅਤੇ ਇਹ ਉੱਤਰ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰਾਂ ਵਿੱਚੋਂ ਇੱਕ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਵੱਕਾਰੀ ਕੌਮਾਂਤਰੀ ਅਤੇ ਕੌਮੀ ਬੈਡਮਿੰਟਨ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀ ਸਮਰੱਥਾ ਨੂੰ ਮਜ਼ਬੂਤ ​​ਕਰੇਗਾ। ਇਸ ਸਟੇਡੀਅਮ ਨੂੰ ਇਸ ਸਾਲ ਦਸੰਬਰ ਵਿੱਚ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜੋ ਲਗਪਗ ਚਾਰ ਦਹਾਕਿਆਂ ਵਿੱਚ ਇੱਥੇ ਹੋਣ ਵਾਲੀ ਪਹਿਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਹੋਵੇਗੀ। ਇਸ ਮੌਕੇ ਭਗਵੰਤ ਮਾਨ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਟੇਡੀਅਮ ਵਿੱਚ ਮੌਜੂਦਾ ਖੇਡ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।

Advertisement
Advertisement
×