ਪੰਜਾਬ ਦਾ ਸਿੱਖਿਆ ਮਾਡਲ ਦੇਸ਼ ’ਚੋਂ ਬਿਹਤਰੀਨ: ਮਾਨ
ਮੁੱਖ ਮੰਤਰੀ ਨੇ ਮਾਲੇਰਕੋਟਲਾ ’ਚ ਲਡ਼ਕੀਆਂ ਲਈ ਪੰਜ ਮੰਜ਼ਿਲਾ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 6.34 ਕਰੋੜ ਵਿੱਚ ਮੁਕੰਮਲ ਕਰ ਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਦੇਸ਼ ਵਿਚੋਂ ਬਿਹਤਰੀਨ ਨਤੀਜੇ ਦੇ ਰਿਹਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਵਿਦਿਆਰਥੀਆਂ ਨੇ ਜੇ ਈ ਈ ਪਾਸ ਕੀਤੀ ਹੈ।
ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਘਰ ਤੋਂ ਦੂਰੀ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਬਣੇ। ਗ਼ਰੀਬ ਪਰਿਵਾਰਾਂ ਦੇ ਬੱਚਿਆਂ ਤੱਕ ਮਿਆਰੀ ਸਿੱਖਿਆ ਦੇ ਵਿਸਥਾਰ ਲਈ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ।
ਸਕੂਲ ਦੇ ਉਦਘਾਟਨ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚ ਸਰਕਾਰ ਵੱਲੋਂ ਪੰਜਾਬ ਭਰ ਦੇ 7,800 ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲਾ ਕਾਨੂੰਨ ਲਿਆਂਦਾ ਗਿਆ ਹੈ। ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਲਈ 1,090 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਨ੍ਹਾਂ ਤੋਂ 5 ਕਰੋੜ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਸੂਬਾ ਸਰਕਾਰ ਵੱਲੋਂ ਜਲਦ ਹੀ ਮਾਲੇਰਕੋਟਲਾ ਵਿੱਚ ਨਵਾਬ ਸ਼ੇਰ ਖਾਨ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 43,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸੂਬੇ ਵੱਲੋਂ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ, ਜਦੋਂ ਉਨ੍ਹਾਂ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਵਿੱਚ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ ਜੋ ਵਧ ਕੇ 88 ਫ਼ੀਸਦੀ ਹੋ ਗਈ ਹੈ। ਸਰਕਾਰ ਨੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਨਿਰੋਲ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇਸ ਮੌਕੇ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।

