ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬੇ ਵਿੱਚ ਸਰਕਾਰ ਤੋਂ ਸਵਾਲ ਕਰਨ ਅਤੇ ਵਿਰੋਧ ਦਰਜ ਕਰਵਾਉਣ ਵਾਲੇ ਲੋਕਾਂ ਨਾਲ ਜਿਸ ਤਰ੍ਹਾਂ ਦਾ ਵਤੀਰਾ ਕੀਤਾ ਜਾ ਰਿਹਾ ਹੈ, ਉਹ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸਵਾਲ ਪੁੱਛਣ ਅਤੇ ਸ਼ਾਂਤਮਈ ਵਿਰੋਧ ਕਰਨ ਦਾ ਸੰਵਿਧਾਨਕ ਹੱਕ ਹੈ, ਪਰ ਪੰਜਾਬ ਵਿੱਚ ਆਲੋਚਨਾ ਕਰਨ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੋਹਣਜੀਤ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਅਤੇ ਵਿੱਤ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਨੂੰ ਗੰਭੀਰ ਕਰਾਰ ਦਿੱਤਾ। ਸੰਸਦ ਮੈਂਬਰ ਨੇ ਕਿਹਾ ਕਿ ਜੇ ਸਰਕਾਰ ਤੋਂ ਸਵਾਲ ਕਰਨਾ ਹੀ ਮੁਸੀਬਤ ਬਣ ਜਾਵੇ, ਤਾਂ ਇਹ ਲੋਕਤੰਤਰ ਦੀ ਬੁਨਿਆਦ ਲਈ ਖ਼ਤਰੇ ਦੀ ਘੰਟੀ ਹੈ। ਉਨ੍ਹਾਂ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਸਰਕਾਰ ਹੁਣ ‘ਸਾਮ, ਦਾਮ, ਦੰਡ, ਭੇਦ’ ਵਾਲੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਦੋਵੇਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

