ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਜਨਵਰੀ
ਸਿੱਖ ਜਥੇਬੰਦੀ ਅਕਾਲ ਯੂਥ ਦੇ ਕਾਰਕੁਨਾਂ ਨੇ ਅੱਜ ਮੁਹਾਲੀ ਵਿਚ ਪੱਤਰਕਾਰ ਸੰਮੇਲਨ ਦੌਰਾਨ ‘ਆਪ’ ਆਗੂ ਰਾਘਵ ਚੱਢਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਕਾਲ ਯੂਥ ਦੇ ਪ੍ਰਮੁੱਖ ਆਗੂ ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਜਰੀਵਾਲ ਸਰਕਾਰ ਦਿੱਲੀ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਦੀ, ਉਦੋਂ ਤੱਕ ‘ਆਪ’ ਦੇ ਪ੍ਰੋਗਰਾਮਾਂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀ ਹਾਲੇ ਵੀ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਕੀਤੀ ਜਾਵੇ।
ਇਸੇ ਦੌਰਾਨ ਭਾਈ ਜਸਵਿੰਦਰ ਸਿੰਘ ਨੇ ਮੰਗ ਕੀਤੀ ਕਿ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਨੂੰ ਜਲਦੀ ਰਿਹਾਅ ਕੀਤਾ ਜਾਵੇ।