ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 6 ਫਰਵਰੀ
ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਉਹ ਲੁਧਿਆਣਾ ’ਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਹ ਅੱਜ ਬਾਅਦ ਦੁਪਹਿਰ ਸਾਹਨੇਵਾਲ ਹਵਾਈ ਅੱਡੇ ‘ਤੇ ਉਤਰੇ ਅਤੇ ਕਾਂਗਰਸੀ ਆਗੂ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ‘ਚ ਪਹੁੰਚੇ, ਜਿਥੇ ਉਨ੍ਹਾਂ ਬੰਦ ਕਮਰਾ ਮੀਟਿੰਗ ਕੀਤੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਲੁਧਿਆਣਾ ਦੇ ਹੋਟਲ ਵਿੱਚ ਸਨ। ਇਸ ਤੋਂ ਬਾਅਦ ਉਹ ਰੈਲੀ ਵਾਲੀ ਥਾਂ ਰਵਾਨਾ ਹੋ ਗਏ।
ਹਲਵਾਰਾ(ਸੰਤੋਖ ਗਿੱਲ): ਇਸ ਤੋਂ ਪਹਿਲਾਂ ਕੁੱਲ ਹਿੰਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਸਵਾਗਤ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਡਾ. ਅਮਰ ਸਿੰਘ, ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਹਲਵਾਰਾ ਹਵਾਈ ਅੱਡੇ ਪੁੱਜੇ। ਅਤਿ ਸੁਰੱਖਿਅਤ ਹਵਾਈ ਕੇਂਦਰ ਦੇ ਬਾਹਰ ਮਨਾਹੀ ਵਾਲੇ ਇਲਾਕੇ ਵਿੱਚ ਮੀਡੀਆ ਕਰਮੀ ਸ਼ਰੇਆਮ ਫੋਟੋਗਰਾਫੀ ਅਤੇ ਵੀਡੀਓਗਰਾਫੀ ਕਰਦੇ ਰਹੇ।