ਗੁਰਨਾਮ ਸਿੰਘ ਅਕੀਦਾ
ਪਟਿਆਲਾ, 19 ਅਪਰੈਲ
ਪਟਿਆਲਾ ਲੋਕ ਸਭਾ ਹਲਕੇ ਤੋਂ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦੇਣ ਤੋਂ ਬਾਅਦ ਕਾਂਗਰਸ ਵਿੱਚ ਹੋਈ ਬਗ਼ਾਵਤ ਨੂੰ ਠੱਲ੍ਹਣ ਲਈ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਦਖ਼ਲ ਦਿੱਤਾ ਹੈ। ਉਸ ਨੇ ਬਾਗ਼ੀ ਕਾਂਗਰਸੀ ਆਗੂਆਂ ਨਾਲ ਫੋਨ ’ਤੇ ਗੱਲਬਾਤ ਕਰ ਕੇ ਮਾਮਲਾ ਖ਼ਤਮ ਕਰਨ ਦੀ ਗੱਲ ਆਖੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਤੋਂ ਬਾਅਦ ਬਗ਼ਾਵਤ ਨੂੰ ਖ਼ਤਮ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਅਗਵਾਈ ਕੀਤੀ। ਰਾਜਾ ਵੜਿੰਗ ਇਸ ਮਾਮਲੇ ਸਬੰਧੀ ਪਟਿਆਲਾ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਦੋ ਵਾਰ ਮੁਲਾਕਾਤ ਕਰ ਚੁੱਕੇ ਹਨ। ਹੁਣ ਰਾਹੁਲ ਗਾਂਧੀ ਨੇ ਖਫ਼ਾ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ। ਅਜੇ ਤੱਕ ਵੀ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਵੱਲੋਂ 20 ਅਪਰੈਲ ਨੂੰ ਰਾਜਪੁਰਾ ਵਿੱਚ ਰੈਲੀ ਕੀਤੀ ਜਾ ਰਹੀ ਮੀਟਿੰਗ ਨੂੰ ਰੱਦ ਕਰਨ ਬਾਰੇ ਕੋਈ ਸੂਚਨਾ ਨਹੀਂ ਹੈ। ਇਸ ਮੀਟਿੰਗ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਾਰੇ ਸੀਨੀਅਰ ਕਾਂਗਰਸੀ ਆਗੂ ਸ਼ਿਰਕਤ ਕਰਨਗੇ ਅਤੇ ਸ਼ਕਤੀ ਦਾ ਪ੍ਰਦਰਸ਼ਨ ਕਰਨਗੇ। ਟਕਸਾਲੀ ਕਾਂਗਰਸੀ ਅਤੇ ਸਾਬਕਾ ਮੰਤਰੀ ਲਾਲ ਸਿੰਘ ਨੇ ਤਾਂ ਇਸ ਮੀਟਿੰਗ ਬਾਰੇ ਪੋਸਟਰ ਜਾਰੀ ਕਰ ਕੇ ਕਿਹਾ ਹੈ ਕਿ ਸਾਰੇ ਟਕਸਾਲੀ ਕਾਂਗਰਸੀ ਉੱਥੇ ਪੁੱਜੋ, ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਣਗੇ।
ਸੁਖਪਾਲ ਖਹਿਰਾ ਵੱਲੋਂ ਡਾ. ਗਾਂਧੀ ਦੇ ਹੱਕ ’ਚ ਪ੍ਰਚਾਰ
ਕਾਂਗਰਸ ਦੇ ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਨੇ ਅੱਜ ਪਟਿਆਲਾ ਪੁੱਜ ਕੇ ਡਾ. ਧਰਮਵੀਰ ਗਾਂਧੀ ਦੇ ਹੱਕ ’ਚ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਪਟਿਆਲਾ ’ਚ ਚੋਣ ਪ੍ਰਚਾਰ ਲਈ ਸੱਦਾ ਦਿੱਤਾ ਜਾਵੇਗਾ ਉਹ ਆਪਣਾ ਹਲਕਾ ਛੱਡ ਕੇ ਇਥੇ ਆ ਜਾਣਗੇ। ਇਸੇ ਤਰ੍ਹਾਂ ਡਾ. ਧਰਮਵੀਰ ਨੇ ਵੀ ਸੁਖਪਾਲ ਖਹਿਰਾ ਦੇ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਲਈ ਹਾਮੀ ਭਰੀ।