ਰਾਹੁਲ ਗਾਂਧੀ ਸਿੱਖਾਂ ਤੋਂ ਮੁਆਫ਼ੀ ਮੰਗਣ: ‘ਆਪ’
ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਾਲ ’84 ਸਿੱਖ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਮੌਜੂਦਗੀ ਨੂੰ ਲੈ ਕੇ ਕਾਂਗਰਸ ’ਤੇ ਨਿਸ਼ਾਨੇ ਸੇਧੇ ਹਨ। ‘ਆਪ’ ਦੇ ਸੀਨੀਅਰ ਆਗੂਆਂ ਬਲਤੇਜ ਪੰਨੂ ਅਤੇ ਨੀਲ ਗਰਗ ਨੇ ਕਾਂਗਰਸ ’ਤੇ ਦੋਹਰੇ ਮਾਪਦੰਡ ਅਪਣਾਉਣ ਅਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਦੋਸ਼ ਲਾਉਂਦਿਆਂ ਰਾਹੁਲ ਗਾਂਧੀ ਨੂੰ ਸਿੱਖਾਂ ਤੇ ਪੰਜਾਬ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਸ੍ਰੀ ਪੰਨੂ ਨੇ ਕਿਹਾ ਕਿ ਕੈਮਰੇ ਦੇਖ ਕੇ ਰਾਹੁਲ ਗਾਂਧੀ ਵੱਲੋਂ ਟਾਈਟਲਰ ਨੂੰ ਆਪਣੇ ਪਿੱਛੇ ਲੁਕਾਉਣ ਦੀ ਕੋਸ਼ਿਸ਼ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ’84 ਦੇ ਦੋਸ਼ੀਆਂ ਨੂੰ ਆਪਣੀ ਬੁੱਕਲ ਵਿੱਚ ਪਨਾਹ ਦਿੱਤੀ ਹੈ। ਨੀਲ ਗਰਗ ਨੇ ਕਿਹਾ ਕਿ ਕਾਂਗਰਸ ਵੱਲੋਂ ਟਾਈਟਲਰ ਜਿਹੇ ਵਿਅਕਤੀਆਂ ਨੂੰ ਆਪਣੇ ਸਮਾਗਮਾਂ ਵਿੱਚ ਸ਼ਾਮਲ ਕਰਨਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅੱਜ ਸਪੱਸ਼ਟ ਕਰਨਾ ਪਵੇਗਾ ਕਿ ਉਹ ਕਾਤਲਾਂ ਦੇ ਨਾਲ ਖੜ੍ਹੀ ਹੈ ਜਾਂ ਇਨਸਾਫ਼ ਦੇ ਨਾਲ। ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਆਪਣਾ ਸਟੈਂਡ ਦੱਸਣਾ ਚਾਹੀਦਾ ਹੈ।
ਕਾਲਕਾ ਵੱਲੋਂ ਰਾਹੁਲ ਗਾਂਧੀ ਦੀ ਨਿਖੇਧੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਾਂਗਰਸ ਦੇ ਮੀਤ ਪ੍ਰਧਾਨ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਸਿੱਖ ਕਤਲੇਆਮ ਦੇ ਮੁਲਜ਼ਮ ਜਗਦੀਸ਼ ਟਾਈਟਲਰ ਤੇ ਹੋਰਾਂ ਦੀ ਪੁਸ਼ਤਪਨਾਹੀ ਦਾ ਕੋਈ ਅਫ਼ਸੋਸ ਨਹੀਂ ਹੈ ਬਲਕਿ ਇਹ ਤਾਂ ਇਨ੍ਹਾਂ ਨਾਲ ਤਸਵੀਰਾਂ ਖਿਚਵਾ ਕੇ ਖ਼ੁਸ਼ੀ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਆਜ਼ਾਦੀ ਦਿਹਾੜੇ ’ਤੇ ਵੀ ਰਾਹੁਲ ਗਾਂਧੀ ਦੀ ਜਗਦੀਸ਼ ਟਾਈਟਲਰ ਨਾਲ ਤਸਵੀਰ ਖੂਬ ਵਾਇਰਲ ਹੋਈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਵਾਂਗ ਰਾਹੁਲ ਗਾਂਧੀ ਅਕਸਰ ਕਮਲ ਨਾਥ ਨਾਲ ਵੀ ਸਟੇਜਾਂ ਸਾਂਝੀਆਂ ਕਰਦੇ ਨਜ਼ਰ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਕਾਂਗਰਸ ਅਤੇ ਇਸ ਦੇ ਆਗੂਆਂ ਰਾਹੁਲ ਗਾਂਧੀ ਤੇ ਹੋਰਨਾਂ ਨੂੰ ਮੁਆਫ਼ ਨਹੀਂ ਕਰ ਸਕਦੀ ਤੇ ਉਹ ਇਨਸਾਫ਼ ਲੈਣ ਲਈ ਹਮੇਸ਼ਾ ਡਟ ਕੇ ਲੜਦੇ ਰਹਿਣਗੇ।
ਟਾਈਟਲਰ ਨੂੰ ਸਮਾਗਮ ’ਚ ਬੁਲਾ ਕੇ ਕਾਂਗਰਸ ਨੇ ਸਿੱਖਾਂ ਦਾ ਅਪਮਾਨ ਕੀਤਾ: ਬਲੀਏਵਾਲ
ਚੰਡੀਗੜ੍ਹ (ਟਨਸ): ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਹੈ ਕਿ ਕਾਂਗਰਸ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ’84 ਸਿੱਖਾਂ ਦੇ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸਨਮਾਨ ਦੇ ਕੇ ਮੁੜ ਸਿੱਖਾਂ ਪ੍ਰਤੀ ਆਪਣੀ ਨਫ਼ਰਤ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ’ਤੇ ਟਾਈਟਲਰ ਨੂੰ ਕਾਂਗਰਸ ਦਫ਼ਤਰ ਬੁਲਾਇਆ ਗਿਆ ਅਤੇ ਉਸ ਦੀਆਂ ਤਸਵੀਰਾਂ ਖ਼ੁਦ ਰਾਹੁਲ ਗਾਂਧੀ ਵੱਲੋਂ ਸ਼ੇਅਰ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜਾਬ ਦੇ ਲੋਕ ਸਭਾ ਮੈਂਬਰ ਵੀ ਮੌਜੂਦ ਸਨ, ਜਿਸ ਤੋਂ ਇਹ ਸਪੱਸ਼ਟ ਹੈ ਕਿ ਉਹ ਵੀ ਚੁੱਪ-ਚਾਪ ਟਾਈਟਲਰ ਦੀ ਮੌਜੂਦਗੀ ਦਾ ਸਮਰਥਨ ਕਰ ਰਹੇ ਸਨ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਇਸ ਮੁੱਦੇ ’ਤੇ ਚੁੱਪੀ ਵੀ ਇਹ ਦੱਸਦੀ ਹੈ ਕਿ ਉਹ ਸਿਰਫ਼ ਸਿੱਖ ਹਮਾਇਤੀ ਹੋਣ ਦਾ ਡਰਾਮਾ ਕਰਦੇ ਹਨ, ਅਸਲ ਵਿੱਚ ਉਨ੍ਹਾਂ ਨੂੰ ਸਿੱਖਾਂ ਨਾਲ ਕੋਈ ਹਮਦਰਦੀ ਨਹੀਂ ਹੈ।