ਗੁਰਨਾਮ ਸਿੰਘ ਅਕੀਦਾ
ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਬਾਰੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਵਿਚ ਸੀਨੀਅਰ ਆਗੂ ਲਾਲ ਸਿੰਘ ਨੂੰ ਬੁਲਾ ਕੇ ਕਈ ਸਾਰੇ ਸਵਾਲਾਂ ਦੇ ਜਵਾਬ ਹਾਸਲ ਕੀਤੇ। ਸ੍ਰੀ ਲਾਲ ਸਿੰਘ ਨੇ ਇਸ ਮੁਲਾਕਾਤ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜੋ ਵੀ ਰਾਹੁਲ ਗਾਂਧੀ ਨੇ ਉਨ੍ਹਾਂ ਕੋਲੋਂ ਪੁੱਛਿਆ ਉਹ ਉਨ੍ਹਾਂ ਨੇ ਇਮਾਨਦਾਰੀ ਨਾਲ ਦੱਸ ਦਿੱਤਾ, ਜਿਸ ਬਾਰੇ ਹੁਣ ਉਹ ਫ਼ੈਸਲਾ ਕਰਨਗੇ।
ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਹਾਲਾਤ ਜਾਣਨ ਲਈ ਮੁਹਿੰਮ ਸ਼ੁਰੂ ਕੀਤੀ ਹੈ ਕਿ ਪੰਜਾਬ ਵਿਚ ਕਿਹੋ ਜਿਹੀ ਨੀਤੀ ਅਪਣਾਈ ਜਾਵੇ, ਉਨ੍ਹਾਂ ਪੰਜਾਬ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਬਣਾਇਆ ਹੈ, ਜਿਸ ਤਹਿਤ ਉਨ੍ਹਾਂ ਲਾਲ ਸਿੰਘ ਨੂੰ ਬੁਲਾ ਕੇ ਵਿਸ਼ੇਸ਼ ਗੱਲ ਕੀਤੀ। ਸ੍ਰੀ ਲਾਲ ਸਿੰਘ ਨੇ ਪੰਜਾਬ ਦੇ ਹਾਲਾਤ ਬਾਰੇ ਰਾਹੁਲ ਨੂੰ ਪੂਰੀ ਜਾਣਕਾਰੀ ਦਿੱਤੀ ਹੈ, ਜਿਸ ਵਿਚ ਤਰਨ ਤਾਰਨ ਵਿਚ ਚੋਣਾਂ ਵਿਚ ਜ਼ਮਾਨਤ ਜ਼ਬਤ ਹੋਣ ਦੇ ਕਾਰਨ ਵੀ ਦੱਸੇ ਗਏ ਹਨ। ਪਤਾ ਇਹ ਵੀ ਲੱਗਿਆ ਹੈ ਕਿ ਪੰਜਾਬ ਵਿਚ ਨਵਜੋਤ ਸਿੱਧੂ ਨੂੰ ਸਰਗਰਮ ਕਰਨ ਬਾਰੇ ਵੀ ਚਰਚਾ ਹੋਈ ਹੈ, ਇਸ ਦੇ ਨਾਲ ਹੀ ਪੰਜਾਬ ਵਿਚ ਲੀਡਰਸ਼ਿਪ ਬਾਰੇ ਵੀ ਚਰਚਾ ਕੀਤੀ ਗਈ ਹੈ। ਇਸ ਮੌਕੇ ਪੰਜਾਬ ਲੀਡਰਸ਼ਿਪ ਵਿਚਾਲੇ ਆਪਸੀ ਫੁੱਟ ਬਾਰੇ ਵੀ ਚਰਚਾ ਕੀਤੀ ਗਈ।

