ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 25 ਮਈ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਬ੍ਰਿਟੇਨ ਦੇ ਸਾਬਕਾ ਸੰਸਦ ਮੈਂਬਰ ਜੈਰੇਮੀ ਕੋਰਬਿਨ ਨਾਲ ਕੀਤੀ ਮੁਲਾਕਾਤ ਨੂੰ ਦੇਸ਼ ਵਿਰੋਧੀ ਮੁਹਿੰਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਮੁਲਾਕਾਤ ਕੋਈ ਇਤਫ਼ਾਕ ਨਹੀਂ, ਸਗੋਂ ਸੋਚੀ ਸਮਝੀ ਸਾਜ਼ਿਸ਼ ਹੈ। ਰਾਹੁਲ ਗਾਂਧੀ ’ਤੇ ਦੇਸ਼ ਵਿਰੋਧੀ ਮੁਹਿੰਮ ਨੂੰ ਹੁਲਾਰਾ ਦੇਣ ਦਾ ਦੋਸ਼ ਲਗਾਉਂਦਿਆਂ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਦੇ ਹੋਏ ਰਾਹੁਲ ਗਾਂਧੀ ਹੁਣ ਦੇਸ਼ ਖ਼ਿਲਾਫ਼ ਇਸ ਤਰ੍ਹਾਂ ਉੱਤਰ ਆਏ ਹਨ ਕਿ ਉਹ ਲਗਾਤਾਰ ਦੇਸ਼ ਵਿਰੋਧੀ ਮੁਹਿੰਮ ਚਲਾਉਣ ਵਾਲੇ ਲੋਕਾਂ ਨੂੰ ਮਿਲ ਰਹੇ ਹਨ। ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਦੇ ਜਨਰਲ ਸਕੱਤਰ ਚੁੱਘ ਨੇ ਕਿਹਾ ਕਿ ਕਾਂਗਰਸ ਹੁਣ ਕਾਂਗਰਸ ਦੀ ਥਾਂ ‘ਐਂਟੀ ਨੈਸ਼ਨਲ ਕਾਂਗਰਸ’ ਯਾਨੀ ‘ਇੰਡੀਅਨ ਨੈਸ਼ਨਲ ਕਾਂਗਰਸ’ ਬਣ ਗਈ ਹੈ।