ਐਨ. ਪੀ. ਧਵਨ
ਪਠਾਨਕੋਟ, 8 ਜੂਨ
ਵਿਧਾਨ ਸਭਾ ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਪਿੰਡ ਮੈਰਾ ਸਥਿਤ ਸਟੋਨ ਕਰੱਸ਼ਰ ’ਤੇ ਅੱਜ ਸ਼ਾਮ ਵੇਲੇ ਪੁਲੀਸ ਅਤੇ ਖਣਨ ਵਿਭਾਗ ਦੀ ਟੀਮ ਨੇ ਛਾਪਾ ਮਾਰਿਆ। ਇਸ ਦੌਰਾਨ ਪੁਲੀਸ ਤੇ ਖਣਨ ਅਧਿਕਾਰੀਆਂ ਨੇ ਨਾਜਾਇਜ਼ ਖਣਨ ਵਿੱਚ ਲੱਗੀ ਮਸ਼ੀਨਰੀ ਨੂੰ ਕਬਜ਼ੇ ਵਿੱਚ ਲੈਂਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਅਧਿਕਾਰੀਆਂ ਵੱਲੋਂ ਕਬਜ਼ੇ ਵਿੱਚ ਲਈ ਗਈ ਮਸ਼ੀਨਰੀ ’ਚ ਇੱਕ ਪੋਕਲੇਨ ਮਸ਼ੀਨ, ਇੱਕ ਟਰਾਲਾ ਤੇ ਇੱਕ ਟਰੈਕਟਰ-ਟਰਾਲੀ ਸ਼ਾਮਲ ਹੈ। ਇਸ ਤੋਂ ਇਲਾਵਾ ਜਿਹੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਦੀ ਪਛਾਣ ਸੁਨੀਲ ਕੁਮਾਰ ਅਤੇ ਪ੍ਰਕਾਸ਼ ਚੰਦ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੋਹਾਂ ਵਿਅਕਤੀਆਂ ਅਤੇ ਕ੍ਰਿਸ਼ਨਾ ਸਟੋਨ ਕਰੱਸ਼ਰ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਸ ਸਟੋਨ ਕਰੱਸ਼ਰ ਦੇ ਸੰਚਾਲਕ ਸਾਬਕਾ ਵਿਧਾਇਕ ਜੋਗਿੰਦਰ ਪਾਲ ਹਨ।
ਮਾਈਨਿੰਗ ਅਧਿਕਾਰੀ ਵਿਸ਼ਾਲ ਅਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕ੍ਰਿਸ਼ਨਾ ਸਟੋਨ ਕਰੱਸ਼ਰ ਵੱਲੋਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਮਗਰੋਂ ਜਦੋਂ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਤਾਂ ਕਰੱਸ਼ਰ ’ਤੇ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਇਸ ਦੌਰਾਨ ਇੱਕ ਮਸ਼ੀਨ, ਟਰੈਕਟਰ-ਟਰਾਲੀ ਅਤੇ ਇੱਕ ਟਰਾਲੇ ਨੂੰ ਕਬਜ਼ੇ ’ਚ ਲਿਆ ਗਿਆ। ਥਾਣਾ ਤਾਰਾਗੜ੍ਹ ਦੇ ਤਫਤੀਸ਼ੀ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਮੌਕੇ ਤੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਇਲਾਵਾ ਕਰੱਸ਼ਰ ਮਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।