Sanjiv Arora ਦੇ ਘਰ ਛਾਪੇਮਾਰੀ ਨਾਲ AAP ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਉਜਾਗਰ ਹੋਏ: Bajwa
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ 'ਤੇ ਈ ਡੀ (ED) ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਇੱਕ ਵਾਰ ਫਿਰ ਸੱਤਾਧਾਰੀ...
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ 'ਤੇ ਈ ਡੀ (ED) ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਇੱਕ ਵਾਰ ਫਿਰ ਸੱਤਾਧਾਰੀ ਪਾਰਟੀ ਖਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਉਜਾਗਰ ਕੀਤਾ ਹੈ।
ਬਾਜਵਾ ਨੇ ਈ ਡੀ ਦੀ ਕਾਰਵਾਈ ਦੇ ਸਮੇਂ 'ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਲੋੜੀਂਦੇ ਸਬੂਤ ਸਨ ਤਾਂ ਕਦਮ ਪਹਿਲਾਂ ਹੀ ਚੁੱਕੇ ਜਾਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਦੇਰੀ ਨਾਲ ਕੀਤੀ ਗਈ ਕਾਰਵਾਈ ਕੇਂਦਰੀ ਏਜੰਸੀਆਂ ਦੀ ਵਰਤੋਂ ਵਿੱਚ ਨਿਰਪੱਖਤਾ ਨੂੰ ਲੈ ਕੇ ਚਿੰਤਾਵਾਂ ਪੈਦਾ ਕਰਦੀ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਤੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕਰਦਿਆਂ ਕਿਹਾ ਕਿ ਇਨਸਾਫ਼ ਨਿਰਪੱਖ ਤਰੀਕੇ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਸੂਬਾ ਸਰਕਾਰ ਦੇ ਨਜ਼ਦੀਕੀ ਵਿਅਕਤੀਆਂ ਨੂੰ ਜਾਂਚ ਦਾ ਸਾਹਮਣਾ ਕਰਨਾ ਪਿਆ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਕਸਰ ਦੋਸ਼ਾਂ ਦਾ ਜਵਾਬ ਦੇਣ ਦੀ ਬਜਾਏ ਅਜਿਹੀਆਂ ਕਾਰਵਾਈਆਂ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦੇ ਹਨ ਅਤੇ ਪੁੱਛਿਆ ਕਿ ‘ਆਪ’ ਦੇ ਸੀਨੀਅਰ ਆਗੂ ਅਕਸਰ ਜਾਂਚ ਦੇ ਘੇਰੇ ਵਿੱਚ ਕਿਉਂ ਆਉਂਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਇਸ ਮਾਮਲੇ 'ਤੇ ਸਪਸ਼ਟ ਜਵਾਬ ਮੰਗਿਆ।
ਜ਼ਿਕਰਯੋਗ ਹੈ ਕਿ ਈ ਡੀ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਮੰਤਰੀ ਅਤੇ ਉਨ੍ਹਾਂ ਨਾਲ ਕਥਿਤ ਤੌਰ 'ਤੇ ਜੁੜੀਆਂ ਕੁਝ ਸੰਸਥਾਵਾਂ ਵਿਰੁੱਧ ਦਰਜ ਮਨੀ ਲਾਂਡਰਿੰਗ ਦੇ ਨਵੇਂ ਮਾਮਲੇ ਵਿੱਚ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੰਜੀਵ ਅਰੋੜਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਸਵੇਰ ਅਰੋੜਾ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ ਸੀ।

