ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਦਸੰਬਰ
ਕਿਰਤੀ ਕਿਸਾਨ ਯੂਨੀਅਨ ਨੇ ਆੜ੍ਹਤੀਆ ਐਸੋਸ਼ੀਏਸ਼ਨ ਦੇ ਆਗੂਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਮਾਰੇ ਗਏ ਛਾਪਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਬਦਲਾਲਊ ਕਾਰਵਾਈ ਕਰਾਰ ਦਿੱਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਜਤਿੰਦਰ ਛੀਨਾ ਨੇ ਕਿਹਾ ਕਿ ਮੋਦੀ ਹਕੂਮਤ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਵਿੱਚ ਬਹੁਤ ਵੱਡਾ ਅੰਦੋਲਨ ਚੱਲ ਰਿਹਾ ਹੈ ਜਿਸ ਵਿੱਚ ਸਮੁੱਚਾ ਪੰਜਾਬ ਹੀ ਇੱਕ ਪਾਸੇ ਖੜ੍ਹ ਗਿਆ ਹੈ। ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਆੜ੍ਹਤੀਏ, ਵਪਾਰੀ, ਦੁਕਾਨਦਾਰ ਸਭ ਇਕਮੱਤ ਹਨ। ਇਸ ਤੋਂ ਪ੍ਰੇਰਨਾ ਲੈ ਕੇ ਦੇਸ਼ ਭਰ ਦੇ 350 ਜ਼ਿਲ੍ਹਿਆਂ ਵਿੱਚ ਸੰਘਰਸ਼ ਸ਼ੁਰੂ ਹੋ ਚੁੱਕਾ ਹੈ ਜਿਸ ਕਰਕੇ ਸਰਕਾਰ ਹੁਣ ਅੰਦੋਲਨ ਦੇ ਹਮਾਇਤੀਆਂ ਨੂੰ ਦਬਾਉਣ ਲਈ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ।