ਸਿਮਰਤ ਪਾਲ ਸਿੰੰਘ ਬੇਦੀ
ਜੰਡਿਆਲਾ ਗੁਰੂ, 4 ਨਵੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੰਡਿਆਲਾ ਗੁਰੂ ’ਚ ਰੇਲ ਪੱਟੜੀਆਂ ’ਤੇ ਚੱਲ ਰਿਹਾ ਰੇਲ ਰੋੋਕੋ ਅੰਦੋਲਨ 42ਵੇਂ ਦਿਨ ਵੀ ਜਾਰੀ ਰਿਹਾ। ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਕਿਸਾਨ ਵੀ ਮੌਸਮ ਦੇ ਬਦਲਦੇ ਮਿਜ਼ਾਜ ਦੀ ਪ੍ਰਵਾਹ ਕੀਤੇ ਬਿਨਾਂ ਰੇਲ ਪਟੜੀਆਂ ’ਤੇ ਡਟੇ ਬੈਠੇ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀ 5 ਨਵੰਬਰ ਦੇ ਕੌਮੀ ਬੰਦ ਨੂੰ ਸਫਲ ਕਰਨ ਲਈ ਤਿਆਰ ਬੈਠੀ ਹੈ।
ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 5 ਨਵੰਬਰ ਨੂੰ ਕੌਮੀ ਬੰਦ ਦੌਰਾਨ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ 42 ਥਾਵਾਂ ’ਤੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਜਥੇਬੰਦੀ ਵੱਲੋਂ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਦੇਸ਼ਿਵਆਪੀ ਬਣਾ ਕੇ ਨਿਰੰਤਰ ਜਾਰੀ ਰੱਖਿਆ ਜਾਵੇਗਾ ਅਤੇ ਇਹ ਕੌਮੀ ਬੰਦ ਮੋਦੀ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 7 ਨਵੰਬਰ ਤੱਕ ਬਹਾਨੇ ਨਾਲ ਮਾਲ ਗੱਡੀਆਂ ਬੰਦ ਕਰਕੇ ਪੰਜਾਬੀਆਂ ਦੀ ਆਰਥਿਕ ਨਾਕਾਬੰਦੀ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਮੌਕੇ ਦੇ ਹਾਲਾਤ ਬਾਰੇ 5 ਨਵੰਬਰ ਨੂੰ ਸੂਬਾ ਕਮੇਟੀ ਦੀ ਮੀਟਿੰਗ ’ਚ ਵੀ ਚਰਚਾ ਕੀਤੀ ਜਾਵੇਗੀ।
ਜੰਡਿਆਲਾ ਗੁਰੂ ਵਿੱਚ 42ਵੇਂ ਦਿਨ ਰੇਲ ਰੋਕੋ ਅੰਦੋਲਨ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਕੱਲੀਵਾਲ, ਰਾਣਾ ਰਣਬੀਰ ਸਿੰਘ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਥੋਪੇ ਜਾ ਰਹੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤਾ ਜਾ ਰਿਹਾ ਅੰਦੋਲਨ ਲਗਾਤਾਰ ਜਾਰੀ ਹੈ। ਲੋਕਤੰਤਰ ਵਿੱਚ ਹਰੇਕ ਨੂੰ ਧਰਨਾ ਮੁਜ਼ਾਹਰਾ ਕਰਨ ਦਾ ਹੱਕ ਹੈ। ਇਸੇ ਦੌਰਾਨ ਕਿਸਾਨ ਆਗੂਆਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅਸੈਂਬਲੀ ਵਿੱਚ ਪਾਸ ਕੀਤੇ ਬਿੱਲਾਂ ਉਪਰ ਅਜੇ ਰਾਜਪਾਲ ਨੇ ਵੀ ਦਸਤਖ਼ਤ ਨਹੀਂ ਕੀਤੇ ਤਾਂ ਰਾਸ਼ਟਰਪਤੀ ਕਿਵੇਂ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦਿੱਲੀ ਵਿੱਚ ਵਿਧਾਇਕਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਬਾਰੇ ਕਿਸਾਨ ਆਗੂਆਂ ਕਿਹਾ ਜੇ ਪੰਜਾਬ ਸਰਕਾਰ ਦਿੱਲੀ ਵਿੱਚ ਧਰਨਾ ਦੇ ਰਹੀ ਹੈ ਤਾਂ ਉਹ ਸਿਰਫ ਕਿਸਾਨਾਂ ਮਜ਼ਦੂਰਾਂ ਦੇ ਦਬਾਅ ’ਚ ਦੇ ਰਹੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਯੂਰੀਆ ਤੇ ਹੋਰ ਖਾਦਾਂ ਨਹੀਂ ਮਿਲ ਰਹੀਆਂ, ਇਸ ਲਈ ਪੰਜਾਬ ਸਰਕਾਰ ਖਾਦਾਂ ਦੀ ਬਲੈਕ ਬੰਦ ਕਰਵਾਏ।
ਕਿਸਾਨਾਂ ਦਾ ਸ਼ਵੇਤ ਮਲਿਕ ਦੇ ਘਰ ਅੱਗੇ ਧਰਨਾ ਜਾਰੀ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਿਸਾਨ ਆਗੂਆਂ ਨੇ ਅੱਜ ਮੁੱਖ ਮੰਤਰੀ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵੱਲੋਂ ਕਿਸਾਨ ਸੰਘਰਸ਼ ਵਿੱਚ ਨਿੱਤਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਇਸ਼ਾਰੇ ’ਤੇ ਰਾਸ਼ਟਰਪਤੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਤੋਂ ਨਾਂਹ ਕਰਨੀ ਜਮਹੂਰੀਅਤ ਦੇ ਮੱਥੇ ’ਤੇ ਕਾਲਾ ਧੱਬਾ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਪਿਛਲੇ 35 ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨ ਕਾਰਕੁਨਾਂ ਨੇ ਅੱਜ ਧਰਨੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ, ਹਰਜੀਤ ਸਿੰਘ ਝੀਤੇ, ਸੁਖਦੇਵ ਸਿੰਘ ਸਹਿੰਸਰਾ, ਭਗਵੰਤ ਸਿੰਘ ਸੰਧੂ ਤੇ ਹੋਰਨਾਂ ਨੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਤੇ ਹੋਰਨਾਂ ਵੱਲੋਂ ਕਿਸਾਨ ਸੰਘਰਸ਼ ਵਿਚ ਨਿੱਤਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਕਿਸਾਨ ਜਥੇਬੰਦੀਆਂ ਦੇ 26 ਤੇ 27 ਨਵੰਬਰ ਦੇ ‘ਦਿੱਲੀ ਚਲੋ’ ਸੰਘਰਸ਼ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਹਰ ਹਥਕੰਡਾ ਵਰਤ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਪੰਜ ਨਵੰਬਰ ਦੇ ਦੇਸ਼ ਪੱਧਰੀ ਚੱਕਾ ਜਾਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੂਬੇਦਾਰ ਜੋਗਿੰਦਰ ਸਿੰਘ, ਡਾ. ਬਲਜਿੰਦਰ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਕੋਹਾਲੀ, ਗੁਰਬਚਨ ਸਿੰਘ, ਜਵਾਹਰ ਸਿੰਘ ਵਰਪਾਲ ਤੇ ਹੋਰ ਹਾਜ਼ਰ ਸਨ।