ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਅਪਰੈਲ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੀ ਖਰੀਦ ’ਚ ਆ ਰਹੀਆਂ ਸਮੱਸਿਆਵਾਂ ਸਬੰਧੀ ਜਥੇਬੰਦੀ ਨੇ 25 ਅਪਰੈਲ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਪਰ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਅਤੇ ਫ਼ਸਲ ਦੀ ਅਦਾਇਗੀ ਜਾਰੀ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ, ਜਿਸ ਕਾਰਨ ਜਥੇਬੰਦੀ ਨੇ ਭਲਕੇ 25 ਅਪਰੈਲ ਦੇ ਰੇਲ ਰੋਕੋ ਅੰਦੋਲਨ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਭਰ ਵਿੱਚ ਕਰਜ਼ੇ ਕਾਰਨ ਕਿਸਾਨ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਇਲਾਵਾ ਨਸ਼ਾ ਨੌਜਵਾਨਾਂ ਦੀਆਂ ਜਾਨਾਂ ਲੈ ਰਿਹਾ ਹੈ, ਜਿਸ ਦੇ ਖ਼ਿਲਾਫ਼ ਜਥੇਬੰਦੀ ਵੱਲੋਂ ਛੇਤੀ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।