ਆਤਿਸ਼ ਗੁਪਤਾ
ਚੰਡੀਗੜ੍ਹ, 25 ਦਸੰਬਰ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਚੰਨੀ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਹੈ।
ਇਸ ਦੌਰਾਨ ਜਿੱਥੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੂਬੇ ਦੇ ਸੱਤ ਰੇਲ ਮਾਰਗ ਛੇਵੇਂ ਦਿਨ ਵੀ ਠੱਪ ਰਹੇ, ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਸੂਬੇ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਵੀ ਜਾਰੀ ਰਹੇ। ਕਿਸਾਨ ਜਥੇਬੰਦੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਰਣਜੀਤ ਸਿੰਘ ਕਲੇਰਬਾਲਾ, ਜਰਮਨਜੀਤ ਸਿੰਘ ਬੰਡਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਸ਼ਹੀਦ ਕਿਸਾਨਾਂ ਵਿੱਚੋਂ ਕੁਝ ਪਰਿਵਾਰਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ ਹਨ, ਜਦੋਂ ਕਿ ਅੰਮ੍ਰਿਤਸਰ ਦੇ ਇੱਕ ਪਰਿਵਾਰ ਨੂੰ ਨੌਕਰੀ ਲਈ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਕਰਜ਼ਾ ਮੁਆਫ਼ੀ, ਬੇਰੁਜ਼ਗਾਰੀ, ਨਸ਼ਾਬੰਦੀ ਦੀ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਸਕੀ ਹੈ। ਚੰਨੀ ਸਰਕਾਰ ਇਨ੍ਹਾਂ ਮਸਲਿਆਂ ਬਾਰੇ ਤੇਜ਼ੀ ਨਾਲ ਕੰਮ ਕਰਦੀ ਹੈ ਤਾਂ ਸਮਝੌਤੇ ਬਾਰੇ ਜਥੇਬੰਦੀ ਫ਼ੈਸਲਾ ਲੈ ਸਕਦੀ ਹੈ।