ਦੀਪਕ ਠਾਕੁਰ
ਤਲਵਾੜਾ, 31 ਜੁਲਾਈ
ਇੱਥੇ ਤਜਵੀਜ਼ਤ ਨੰਗਲ ਡੈਮ-ਤਲਵਾੜਾ ਵਾਇਆ ਊਨਾ ਰੇਲ ਪ੍ਰਾਜੈਕਟ ਦੇ ਨਿਰਮਾਣ ਲਈ ਸਰਕਾਰ ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ’ਚ ਕਥਿਤ ਬੇਨਿਯਮੀਆਂ ਸਾਹਮਣੇ ਆਈਆਂ ਹਨ। ਅਧਿਕਾਰੀਆਂ ਵੱਲੋਂ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਕਿਸਮ ਵਿੱਚ ਬਦਲਾਅ ਕੀਤਾ ਗਿਆ ਹੈ। ਕਈ ਥਾਵਾਂ ’ਤੇ ਜ਼ਮੀਨ ਦੀ ਕਿਸਮ ਬਰਾਨੀ ਤੋਂ ਬੰਜਰ ਕਦੀਮ ਬਦਲ ਕੇ ਭੌਂ ਮਾਲਕਾਂ ਨੂੰ ਰਗੜੇ ਲਾਏ ਗਏ ਹਨ। ਜ਼ਿਕਰਯੋਗ ਹੈ ਕਿ ਇਹ ਰੇਲਵੇ ਪ੍ਰਾਜੈਕਟ ਹਿਮਾਚਲ ਪ੍ਰਦੇਸ਼ ਦੇ ਕਸਬਾ ਦੌਲਤਪੁਰ ਤੱਕ ਮੁਕੰਮਲ ਹੋ ਚੁੱਕਿਆ ਹੈ। ਪੰਜਾਬ ਵਾਲੇ ਪਾਸੇ ਤੋਂ ਨਿਰਮਾਣ ਲਈ ਸਰਕਾਰ ਵੱਲੋਂ ਸਰਹੱਦੀ ਪਿੰਡ ਭਟੋਲੀ, ਭਵਨੌਰ, ਰਾਮਗੜ੍ਹ ਸੀਕਰੀ, ਕਰਟੌਲੀ ਤੇ ਨੰਗਲ ਖਨੌੜਾ ’ਚ ਜ਼ਮੀਨ ਐਕੁਆਇਰ ਕਰਨ ਦਾ ਕੰਮ ਚੱਲ ਰਿਹਾ ਹੈ ਪਰ ਰੇਲਵੇ ਵਿਭਾਗ ਵੱਲੋਂ ਜ਼ਮੀਨ ਦੇ ਭਾਅ ਘੱਟ ਦੇਣ ਤੋਂ ਖ਼ਫ਼ਾ ਭੌਂ ਮਾਲਕ ਪਹਿਲਾਂ ਹੀ ਕੰਢੀ ਏਰੀਆ ਰੇਲਵੇ ਪ੍ਰਭਾਵਿਤ ਸੰਘਰਸ਼ ਕਮੇਟੀ ਦੇ ਬੈਨਰ ਹੇਠ ਯੋਗ ਮੁਆਵਜ਼ੇ ਦੀ ਮੰਗ ਲਈ ਸੰਘਰਸ਼ ਕਰ ਰਹੇ ਹਨ। ਹੁਣ ਰੇਲਵੇ ਵਿਭਾਗ ਵੱਲੋਂ ਐਕੁਆਇਰ ਕੀਤੀ ਜਾ ਰਹੀ ਜ਼ਮੀਨ ’ਚ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬੀ ਟ੍ਰਿਬਿਊਨ ਵੱਲੋਂ ਕੀਤੀ ਪੜਤਾਲ ’ਚ ਰੇਲਵੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮਾਲ ਮਹਿਕਮੇ ਦੇ ਰਿਕਾਰਡ ’ਚ ਬਦਲਾਅ ਕਰਕੇ ਕੁਝ ਵਿਅਕਤੀਆਂ ਨੂੰ ਵਿਸ਼ੇਸ਼ ਲਾਭ ਪਹੁੰਚਾਉਣ ਦੇ ਯਤਨ ਦਾ ਖੁਲਾਸਾ ਹੋਇਆ ਹੈ। ਇਸ ਸਬੰਧੀ ਤਹਿਸੀਲਦਾਰ (ਮੁਕੇਰੀਆਂ) ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਜ਼ਮੀਨ ਦੀ ਕਿਸਮ ’ਚ ਮਾਲ ਮਹਿਕਮੇ ਤੋਂ ਬਿਨਾਂ ਬਦਲਾਅ ਨਹੀਂ ਕੀਤਾ ਜਾ ਸਕਦਾ। ਐੱਸਡੀਐੱਮ ਮੁਕੇਰੀਆਂ ਕੰਵਲਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਭੇਜਣ ਦੀ ਗੱਲ ਆਖੀ।