ਪੱਤਰ ਪ੍ਰੇਰਕ
ਮਾਨਸਾ, 30 ਜੁਲਾਈ
ਮੁੱਖ ਅੰਸ਼
- ਉਗਰਾਹਾਂ ਵੱਲੋਂ ਰੇਲਾਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਬੰਦ ਕਰਨ ਦਾ ਐਲਾਨ
-
ਰੇਲਵੇ ਸਟਾਫ ਜਾਂ ਸਵਾਰੀਆਂ ਨੂੰ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ: ਦਰਸ਼ਨਪਾਲ
ਕਿਸਾਨ ਅੰਦੋਲਨ ਮੁਲਤਵੀ ਕਰਨ ਮੌਕੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਖ਼ਿਲਾਫ਼ ਭਲਕੇ 31 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਭਰ ਵਿੱਚ ਚਾਰ ਘੰਟਿਆਂ ਲਈ ਸ਼ਾਂਤਮਈ ਤਰੀਕੇ ਨਾਲ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਹ ਜਾਮ ਸਵੇਰੇ 11 ਵਜੇ ਤੋਂ 3 ਵਜੇ ਤੱਕ ਹੋਵੇਗਾ। ਉਧਰ ਬੀਕੇਯੂ (ਉਗਰਾਹਾਂ) ਨੇ ਰੇਲਾਂ ਦੇ ਨਾਲ-ਨਾਲ ਸੜਕੀ ਆਵਾਜਾਈ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਚੱਕਾ ਜਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਕਿਸਾਨੀ ਮੰਗਾਂ ਅਤੇ ਦਿੱਲੀ ਕਿਸਾਨ ਅੰਦੋਲਨ ਮੁਲਤਵੀ ਕਰਨ ਉਪਰੰਤ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਜਿੱਥੇ ਦੇਸ਼ ਦੇ ਹੋਰ ਸੂਬਿਆਂ ਅੰਦਰ ਸੜਕੀ ਆਵਾਜਾਈ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ, ਉਥੇ ਪੰਜਾਬ ਅੰਦਰ ‘ਰੇਲਵੇ ਟਰੈਕ’ ਰੋਕੇ ਜਾਣਗੇ। ਉਨ੍ਹਾਂ ਦੱਸਿਆ ਕਿ ਭਲਕੇ ਹੀ ਜਾਮ ਦੌਰਾਨ ‘ਊਧਮ ਸਿੰਘ ਦਾ ਸਹੀਦੀ ਦਿਹਾੜਾ’ ਵੀ ਮਨਾਇਆ ਜਾਵੇਗਾ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਉਹ ਭਲਕੇ ਰੇਲ ਸਫ਼ਰ ਨਾ ਕਰਨ ਅਤੇ ਦੇਸ਼ ਦੀ ਆਰਥਿਕਤਾ ਨੂੰ ਉਪਰ ਚੁੱਕਣ ਅਤੇ ਦੇਸ਼ ਦੇ ਅੰਨਦਾਤਾ ਨੂੰ ਬਚਾਉਣ ਲਈ ਕਿਸਾਨੀ ਅੰਦੋਲਨ ਦਾ ਸਮਰਥਨ ਕਰਨ। ਇਸ ਦੌਰਾਨ ਬੀਕੇਯੂ (ਉਗਰਾਹਾਂ) ਨੇ ਵੀ ਚਾਰ ਘੰਟੇ ਦੇ ਚੱਕਾ ਜਾਮ ਸੱਦੇ ਤਹਿਤ ਪੰਜਾਬ ਅੰਦਰ ਰੇਲ-ਮਾਰਗ ਅਤੇ ਹਾਈਵੇ ਸੜਕਾਂ ਦੋਨੋਂ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਠਿੰਡਾ ਜੰਕਸ਼ਨ ਦੇ 8 ਰੇਲ ਮਾਰਗਾਂ ਸਮੇਤ ਬੁਢਲਾਡਾ (ਮਾਨਸਾ) ਅਤੇ ਪਟਿਆਲਾ ਵਿਖੇ ਰੇਲਾਂ ਜਾਮ ਅਤੇ ਹੋਰ ਜ਼ਿਲ੍ਹਿਆਂ ਵਿੱਚ ਟੌਲ ਪਲਾਜ਼ਿਆਂ ਉੱਪਰ ਜਾਮ ਲਾਏ ਜਾਣਗੇ।
ਰਾਜਪੁਰਾ/ਪਟਿਆਲਾ (ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਭਲਕੇ 31 ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦੌਰਾਨ ਰੇਲਵੇ ਦੇ ਸਟਾਫ ਮੈਂਬਰਾਂ ਜਾਂ ਸਵਾਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਉਣ ਦੇਣ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਜਾਣਗੀਆਂ।
ਚੜੂਨੀ ਗਰੁੱਪ ਨੇ ਦੂਰੀ ਬਣਾਈ
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਇਸ ਸਬੰਧੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ 31 ਜੁਲਾਈ ਨੂੰ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਦੀ ਯੂਨੀਅਨ ਹਿੱਸਾ ਨਹੀਂ ਲਵੇਗੀ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਬਾਹਰ ਰੱਖਿਆ ਗਿਆ ਹੈ। ਜੇ ਇਸ ਦਿਨ ਕਿਸੇ ਕਿਸਮ ਦੇ ਦੰਗੇ ਭੜਕਦੇ ਹਨ ਤਾਂ ਸੰਯੁਕਤ ਮੋਰਚਾ ਉਨ੍ਹਾਂ ਦੀ ਯੁੂਨੀਅਨ ’ਤੇ ਵਾਰ ਕਰੇਗਾ, ਇਸ ਲਈ ਉਨ੍ਹਾਂ ਇਸ ਪ੍ਰੋਗਰਾਮ ਤੋਂ ਦੂਰੀ ਬਣਾ ਲਈ ਹੈ।