DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੀਂਹ ਤੇ ਗੜਿਆਂ ਨੇ ਕਈ ਜ਼ਿਲ੍ਹਿਆਂ ਵਿੱਚ ਕਣਕ ਦੀ ਫ਼ਸਲ ਝੰਬੀ

ਅਬੋਹਰ ਤੇ ਮੋਗਾ ਵਿੱਚ ਭਾਰੀ ਮੀਂਹ ਦੇ ਨਾਲ ਗਡ਼ੇਮਾਰੀ, ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ

  • fb
  • twitter
  • whatsapp
  • whatsapp
featured-img featured-img
ਅਜਨਾਲਾ ਇਲਾਕੇ ਵਿੱਚ ਮੀਂਹ ਤੇ ਹਨੇਰੀ ਕਾਰਨ ਵਿਛੀ ਕਣਕ ਦਿਖਾਉਂਦਾ ਹੋਇਆ ਕਿਸਾਨ। -ਫੋਟੋ: ਵਿਸ਼ਾਲ ਕੁਮਾਰ
Advertisement

ਪੰਜਾਬ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਅਪਰੈਲ ਮਹੀਨੇ ਦੇ ਪਹਿਲੇ ਹਫ਼ਤੇ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ’ਤੇ ਪੈ ਰਿਹਾ ਮੀਂਹ ਤੇ ਗੜੇਮਾਰੀ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਅੱਜ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਵੇਰ ਤੋਂ ਹੀ ਮੌਸਮ ਖਰਾਬ ਸੀ, ਜਿੱਥੇ ਕਿਣ-ਮਿਣ ਹੁੰਦੀ ਰਹੀ ਪਰ ਬਾਅਦ ਦੁਪਹਿਰ ਪੰਜਾਬ ਦੇ ਅਬੋਹਰ, ਮੋਗਾ ਤੇ ਆਲੇ-ਦੁਆਲੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਤੇ ਗੜੇਮਾਰੀ ਹੋਈ ਹੈ, ਜਿਸ ਨੇ ਫ਼ਸਲ ਝੰਭ ਦਿੱਤੀ। ਇਸ ਤੋਂ ਇਲਾਵਾ ਬਠਿੰਡਾ, ਮੁਕਤਸਰ, ਫਾਜ਼ਿਲਕਾ, ਪਠਾਨਕੋਟ, ਜਲੰਧਰ, ਪਟਿਆਲਾ ਤੇ ਹੋਰ ਕਈ ਇਲਾਕਿਆਂ ਵਿੱਚ ਦਰਮਿਆਨਾ ਮੀਂਹ ਪਿਆ। ਮੀਂਹ ਤੇ ਹਨੇਰੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਣਕ ਦੀ ਪੱਕੀ ਫ਼ਸਲ ਡਿੱਗਣ ਦੀਆਂ ਰਿਪੋਰਟਾਂ ਹਨ।

ਇਸ ਦੇ ਨਾਲ ਹੀ ਖਰਬੂਜ਼ਾ, ਖੀਰਾ ਅਤੇ ਹੋਰ ਫਲ ਤੇ ਸਬਜ਼ੀਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਫ਼ਸਲ ਨੂੰ ਕਰੰਡ ਹੋਣ ਦਾ ਖਦਸ਼ਾ ਹੈ।

Advertisement

ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਦੌਰਾਨ ਮਾਲਵਾ ਖੇਤਰ ਵਿੱਚ ਪਏ ਮੀਂਹ ਤੇ ਗੜੇਮਾਰੀ ਕਰਕੇ ਇਕ ਲੱਖ ਏਕੜ ਤੋਂ ਵੱਧ ਫ਼ਸਲ ਦਾ ਨੁਕਸਾਨ ਹੋ ਗਿਆ, ਜਦੋਂ ਕਿ ਇਹ ਅੰਕੜਾ ਦੁੱਗਣਾ ਹੋ ਸਕਦਾ ਹੈ। ਮੌਸਮ ਵਿਗਿਆਨੀਆਂ ਨੇ 8 ਅਪਰੈਲ ਨੂੰ ਵੀ ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਹੋਣ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਵਿਗਿਆਨੀਆਂ ਨੇ 8 ਅਪਰੈਲ ਲਈ ਔਰੈਂਜ ਅਲਰਟ ਵੀ ਜਾਰੀ ਕਰ ਦਿੱਤਾ।

Advertisement

500 ਤੋਂ ਵੱਧ ਅਧਿਕਾਰੀ ਫ਼ਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਅਧਿਕਾਰੀਆਂ ਨੂੰ ਸੱਤ ਜ਼ਿਲ੍ਹਿਆਂ ਵਿੱਚ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਲਗਾਇਆ ਗਿਆ ਹੈ, ਜਿਨ੍ਹਾਂ ਵੱਲੋਂ ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਤੇ ਮੋਗਾ ਵਿੱਚ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ ਜਾਵੇਗਾ। ਮੁੱਢਲੀਆਂ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਮੀਂਹ ਤੇ ਗੜੇਮਾਰੀ ਕਰਕੇ ਸੱਤ ਜ਼ਿਲ੍ਹਿਆਂ ਵਿੱਚ 125 ਲੱਖ ਏਕੜ ਤੋਂ ਵੱਧ ਕਰਬੇ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਖਰਾਬੇ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਫਾਜ਼ਿਲਕਾ ਵਿੱਚ ਪਿਆ ਸਭ ਤੋਂ ਵੱਧ ਮੀਂਹ

ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 8.30 ਵਜੇ ਤੋਂ ਸ਼ਾਮ 5.30 ਵਜੇ ਤੱਕ ਫਾਜ਼ਿਲਕਾ ਵਿੱਚ ਸਭ ਤੋਂ ਵੱਧ 8.5 ਐੱਮ ਐੱਮ ਮੀਂਹ ਪਿਆ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 0.8 ਐੱਮ ਐੱਮ, ਅੰਮ੍ਰਿਤਸਰ ਵਿੱਚ 2 ਐੱਮ ਐੱਮ, ਲੁਧਿਆਣਾ ਵਿੱਚ 0.5 ਐੱਮ ਐੱਮ, ਪਟਿਆਲਾ ਵਿੱਚ 2.6 ਐੱਮ ਐੱਮ, ਪਠਾਨਕੋਟ ਵਿੱਚ 5.5 ਐੱਮ ਐੱਮ, ਰੂਪਨਗਰ ਵਿੱਚ ਇਕ ਐੱਮ ਐੱਮ ਅਤੇ ਫਿਰੋਜ਼ਪੁਰ ਤੇ ਮੁਹਾਲੀ ਵਿੱਚ 0.5 ਐੱਮ ਐੱਮ ਮੀਂਹ ਪਿਆ। ਮੀਂਹ ਦੇ ਨਾਲ ਹੀ ਸੂਬੇ ਦਾ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ। ਅੱਜ ਅੰਮ੍ਰਿਤਸਰ ਵਿੱਚ 21.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ, ਜੋ ਆਮ ਨਾਲੋਂ 10.2 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 21 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।

Advertisement
×