ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਪਰ ਹੁੰਮਸ ਬਰਕਰਾਰ
ਆਤਿਸ਼ ਗੁਪਤਾ
ਚੰਡੀਗੜ੍ਹ, 7 ਜੁਲਾਈ
ਪੰਜਾਬ ਤੇ ਹਰਿਆਣਾ ਵਿੱਚ ਲੰਘੇ ਦਿਨ ਤੋਂ ਵੱਖ-ਵੱਖ ਖੇਤਰਾਂ ਵਿੱਚ ਰੁਕ-ਰੁਕ ਕੇ ਪੈ ਰਿਹਾ ਮੀਂਹ ਅੱਜ ਵੀ ਜਾਰੀ ਰਿਹਾ। ਅੱਜ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਨੇ ਅੱਧਾ ਦਰਜਨ ਦੇ ਕਰੀਬ ਸ਼ਹਿਰਾਂ ਨੂੰ ਜਲ-ਥਲ ਕਰ ਦਿੱਤਾ। ਪੰਜਾਬ ਵਿੱਚ ਅੱਜ ਤੜਕਸਾਰ ਹੀ ਕਈ ਸ਼ਹਿਰਾਂ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ, ਜੋ 10-11 ਵਜੇ ਤੱਕ ਰੁਕ-ਰੁਕ ਕੇ ਪੈਂਦਾ ਰਿਹਾ ਹੈ। ਮੀਂਹ ਪੈਣ ਕਰਕੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਆਰਜ਼ੀ ਤੌਰ ’ਤੇ ਰਾਹਤ ਮਿਲ ਗਈ ਹੈ, ਜਦੋਂਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਨਹੀਂ ਪਿਆ, ਉੱਥੇ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ।
ਪੰਜਾਬ ਦੇ ਅੱਜ ਅੰਮ੍ਰਿਤਸਰ, ਤਰਨ ਤਾਰਨ, ਬਰਨਾਲਾ, ਖਨੌਰੀ, ਜਲੰਧਰ, ਮਾਨਸਾ, ਸੰਗਰੂਰ, ਫਰੀਦਕੋਟ, ਸਣੇ ਹੋਰਨਾਂ ਕਈ ਸ਼ਹਿਰਾਂ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ। ਅੱਜ ਸੂਬੇ ਵਿੱਚ ਅੰਮ੍ਰਿਤਸਰ ਸ਼ਹਿਰ ਵਿੱਚ ਸਭ ਤੋਂ ਵੱਧ ਮੀਂਹ ਪਿਆ। ਮੀਂਹ ਕਰਕੇ ਅੰਮ੍ਰਿਤਸਰ ਵਿੱਚ ਸਥਿਤ ਹੈਰੀਟੇਜ ਸਟਰੀਟ ਵਿੱਚ ਕਾਫ਼ੀ ਪਾਣੀ ਖੜ੍ਹ ਗਿਆ। ਇਸ ਤੋਂ ਇਲਾਵਾ ਹੋਰਨਾਂ ਕਈ ਸ਼ਹਿਰਾਂ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆ, ਜਿਸ ਕਾਰਨ ਰਾਹਗੀਰਾਂ ਦਾ ਆਪਣੀ ਮੰਜ਼ਿਲ ’ਤੇ ਪਹੁੰਚਣਾ ਮੁਸ਼ਕਲ ਹੋ ਗਿਆ।
ਮੌਸਮ ਵਿਭਾਗ ਨੇ 8 ਜੁਲਾਈ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਵਿਭਾਗ ਨੇ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 78 ਐੱਮਐੱਮ ਮੀਂਹ ਪਿਆ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 3.3 ਐੱਮਐੱਮ, ਪਟਿਆਲਾ ਵਿੱਚ 3.4, ਫਰੀਦਕੋਟ ਵਿੱਚ 21.2, ਗੁਰਦਾਸਪੁਰ ਵਿੱਚ 5.7, ਨਵਾਂਸ਼ਹਿਰ ਵਿੱਚ 21.9, ਫ਼ਤਹਿਗੜ੍ਹ ਸਾਹਿਬ ਵਿੱਚ 2, ਫਿਰੋਜ਼ਪੁਰ ਵਿੱਚ 3, ਜਲੰਧਰ ਵਿੱਚ 8 ਅਤੇ ਰੂਪਨਗਰ ਵਿੱਚ 13.5 ਐੱਮਐੱਮ ਮੀਂਹ ਪਿਆ।