ਪੰਜਾਬ ’ਚ ਅਗਲੇ ਚਾਰ ਦਿਨ ਮੀਂਹ ਦੀ ਪੇਸ਼ੀਨਗੋਈ
ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਵਧਿਆ ਹੋਇਆ ਹੈ। ਇਸ ਦੇ ਨਾਲ ਹੀ ਸਤਲੁਜ ਤੇ ਬਿਆਸ ਦਰਿਆ ’ਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਰਕੇ ਪੰਜਾਬ ਦੇ ਦਰਜਨਾਂ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਪੰਜਾਬ ਸਿਰ ਹੜ੍ਹ ਦਾ ਸੰਕਟ ਹਾਲੇ ਟਲਦਾ ਦਿਖਾਈ ਨਹੀਂ ਦੇ ਰਿਹਾ ਅਤੇ ਸੂਬੇ ਵਿੱਚ 22 ਤੋਂ 25 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨ ਦਰਮਿਆਨੇ ਤੇ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 23 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਮੌਸਮ ਵਿਭਾਗ ਨੇ ਓਰੈਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 22, 24 ਤੇ 25 ਅਗਸਤ ਨੂੰ ਕਈ ਥਾਵਾਂ ’ਤੇ ਹਲਕਾ ਅਤੇ ਮੱਧਮ ਮੀਂਹ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਹ ਮੀਂਹ ਸਰਹੱਦੀ ਖੇਤਰ ਵਿੱਚ ਜ਼ਿਆਦਾ ਪੈਣ ਦੀ ਸੰਭਾਵਨਾ ਹੈ, ਜਿਸ ਕਰਕੇ ਲੋਕਾਂ ਦੀਆਂ ਮੁਸ਼ਕਲ ਹੋਰ ਵਧ ਸਕਦੀਆਂ ਹਨ।
ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਬਚਾਅ ਕਾਰਜ ਤੇਜ਼ ਕੀਤੇ
ਮੌਸਮ ਵਿਭਾਗ ਦੀ ਚਿਤਾਵਨੀ ਜਾਰੀ ਹੁੰਦਿਆਂ ਹੀ ਪੰਜਾਬ ਸਰਕਾਰ ਨੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਕਾਰਜ ਹੋਰ ਤੇਜ਼ ਕਰ ਦਿੱਤੇ ਹਨ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਸਾਰੇ ਕੈਬਨਿਟ ਮੰਤਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਵਰਕਰਾਂ ਨੂੰ ਲੋਕਾਂ ਦੀ ਮਦਦ ਲਈ ਹਰ ਸਮੇਂ ਤਿਆਰ ਰਹਿਣ ਲਈ ਪ੍ਰੇਰਿਆ ਗਿਆ ਹੈ। ਦੂਜੇ ਪਾਸੇ ਸੂਬਾ ਸਰਕਾਰ ਵੱਲੋਂ 24 ਘੰਟੇ ਪੰਜਾਬ ਦੇ ਡੈਮਾਂ ਤੇ ਨਹਿਰਾਂ ਵਿੱਚ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਰਾਹੀਂ ਸੁਰੱਖਿਆ ਕਾਰਜਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।