ਪੰਜਾਬ ਵਿੱਚ ਅਗਲੇ ਦੋ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਧੁੱਪ ਨਿਕਲਣ ਕਾਰਨ ਤਾਪਮਾਨ ਵਧਿਆ
Advertisement
ਪੰਜਾਬ ਵਿੱਚ ਅਗਲੇ ਦੋ ਦਿਨ ਮੁੜ ਤੋਂ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਲਗਦੇ ਪੰਜਾਬ ਦੇ ਸ਼ਹਿਰਾਂ ਵਿੱਚ ਹਲਕਾ ਤੇ ਛਰਾਟੇਦਾਰ ਮੀਂਹ ਪੈ ਸਕਦਾ ਹੈ। ਇਸ ਲਈ ਮੌਸਮ ਵਿਭਾਗ ਨੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 14 ਤੇ 15 ਸਤੰਬਰ ਨੂੰ ਪੰਜਾਬ ਦੇ ਪਹਾੜਾਂ ਦੇ ਨਾਲ ਲਗਦੇ ਖੇਤਰਾਂ ਵਿੱਚ ਦੁਪਹਿਰ ਸਮੇਂ ਅਤੇ ਦੱਖਣੀ ਤੇ ਪੱਛਮੀ ਖੇਤਰਾਂ ਵਿੱਚ ਬਾਅਦ ਦੁਪਹਿਰ ਹਲਕਾ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਜ ਮੌਸਮ ਸਾਫ ਰਿਹਾ ਅਤੇ ਤਿੱਖੀ ਧੁੱਪ ਨਿਕਲੀ। ਇਸ ਕਰਕੇ ਸਾਰਾ ਦਿਨ ਹੁੰਮਸ ਭਰੀ ਗਰਮੀ ਜਾਰੀ ਰਹੀ। ਇਸ ਦੌਰਾਨ ਚੰਡੀਗੜ੍ਹ ਤੇ ਲੁਧਿਆਣਾ ਸ਼ਹਿਰ ਵਿੱਚ ਕਈ ਥਾਵਾਂ ’ਤੇ ਮੀਂਹ ਵੀ ਪਿਆ। ਸੂਬੇ ਵਿੱਚ ਤਿੱਖੀ ਧੁੱਪ ਨਿਕਲਣ ਦੇ ਨਾਲ ਹੀ ਪੰਜਾਬ ਵਿੱਚ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਅੱਜ ਸੂਬੇ ਵਿੱਚ ਬਠਿੰਡਾ ਹਵਾਈ ਅੱਡੇ ਦਾ ਇਲਾਕਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 1 ਤੋਂ 2 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧੇਗਾ ਅਤੇ ਹੁੰਮਸ ਭਰੀ ਗਰਮੀ ਪਵੇਗੀ।
Advertisement
Advertisement