ਪੰਜਾਬ ਤੇ ਹਰਿਆਣਾ ’ਚ ਅੱਜ ਤੋਂ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ
ਆਤਿਸ਼ ਗੁਪਤਾ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਰੁੱਕ-ਰੁੱਕ ਕੇ ਪੈ ਰਿਹਾ ਮੀਂਹ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੱਧਮ ਜਾਂ ਤੇਜ਼ ਮੀਂਹ ਪੈ ਸਕਦਾ ਹੈ, ਜੋ ਕਿ ਦਰਿਆਵਾਂ ਦੇ ਨਾਲ ਲਗਦੇ ਇਲਾਕਿਆਂ ਲਈ ਆਫ਼ਤ ਬਣ ਸਕਦਾ ਹੈ।
ਪੰਜਾਬ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਵਧਾ ਰੱਖਿਆ ਹੈ।
ਇਸ ਸਮੇਂ ਪੰਜਾਬ ਦੇ ਡੈਮਾਂ ਵਿੱਚ ਪਾਣੀ ਵੱਧ ਰਿਹਾ ਹੈ ਅਤੇ ਦਰਿਆ ਵੀ ਉਫਾਨ ’ਤੇ ਹਨ। ਅਜਿਹੇ ਹਾਲਾਤਾਂ ਵਿੱਚ ਮੀਂਹ ਪੈਣਾ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ ਅੰਦਰ ਅਗਲੇ ਦਿਨਾਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 11, 14 ਅਤੇ 15 ਅਗਸਤ ਨੂੰ ਪੰਜਾਬ ਵਿੱਚ ਕਈ ਥਾਵਾਂ ’ਤੇ ਰੁੱਕ-ਰੁੱਕ ਕੇ ਮੀਂਹ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੰਘੀ ਰਾਤ ਵੀ ਮੀਂਹ ਪਿਆ ਹੈ, ਜਿਸ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਪਰ ਦਰਿਆਵਾਂ ਦੇ ਨਾਲ ਰਹਿਣ ਵਾਲੇ ਲੋਕਾਂ ਦੇ ਸਾਹ ਸੁੱਕਣੇ ਪਾ ਦਿੱਤੇ ਹਨ। ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ। ਇਸ ਦੌਰਾਨ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਹੋਰਨਾਂ ਕਈ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਉੱਧਰ ਪੰਜਾਬ ਦੇ ਬਿਆਸ ਦਰਿਆ ਵਿੱਚ ਪਾਣੀ ਵਧਦਾ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਆਸ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚ ਹੜ੍ਹਾਂ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬਠਿੰਡਾ ਏਅਰਪੋਰਟ ਦੇ ਇਲਾਕੇ ਵਿੱਚ 24 ਘੰਟਿਆਂ ਦੌਰਾਨ ਸਭ ਤੋਂ ਵੱਧ 26 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 2.8 ਐੱਮਐੱਮ, ਅੰਮ੍ਰਿਤਸਰ ਵਿੱਚ 2.7 ਐੱਮਐੱਮ, ਲੁਧਿਆਣਾ ਵਿੱਚ 1.4 ਐੱਮਐੱਮ, ਪਟਿਆਲਾ ਵਿੱਚ 0.9 ਐੱਮਐੱਮ, ਹੁਸ਼ਿਆਰਪੁਰ ਵਿੱਚ 10 ਐੱਮਐੱਮ, ਪਠਾਨਕੋਟ ਵਿੱਚ 10 ਐੱਮਐੱਮ, ਰੋਪੜ ਵਿੱਚ 1.5 ਐੱਮਐੱਮ ਅਤੇ ਸੰਗਰੂਰ ਵਿੱਚ 0.5 ਐੱਮਐੱਮ ਮੀਂਹ ਪਿਆ ਹੈ।