ਪੰਜਾਬ ’ਚ ਮੀਂਹ ਦੀ ਪੇਸ਼ੀਨਗੋਈ
ਪੰਜਾਬ ਵਿੱਚ ਅਗਲੇ ਦੋ ਦਿਨ 4 ਤੇ 5 ਨਵੰਬਰ ਨੂੰ ਮੌਸਮ ਦਾ ਮਿਜ਼ਾਜ ਬਦਲਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਮੀਂਹ ਪੈਣ ਨਾਲ ਪੰਜਾਬ ਵਿੱਚ ਠੰਢ ਵੀ ਜ਼ੋਰ ਫੜੇਗੀ। ਮੌਸਮ ਵਿਗਿਆਨੀਆਂ ਨੇ ਅਗਲੇ ਦੋ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਪੰਜਾਬ ਵਿੱਚ ਰੂਪਨਗਰ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਘੱਟ ਤੋਂ ਘੱਟ ਤਾਪਮਾਨ 12.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਬਠਿੰਡਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ 4 ਨਵੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਹੋਰ ਆਲੇ-ਦੁਆਲੇ ਦੇ ਇਲਾਕੇ ਵਿੱਚ ਹਲਕਾ ਮੀਂਹ ਪੈ ਸਕਦਾ ਹੈ, ਜਦੋਂ ਕਿ 5 ਨਵੰਬਰ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂ ਸ਼ਹਿਰ, ਰੂਪਨਗਰ ਦੇ ਆਲੇ-ਦੁਆਲੇ ਇਲਾਕੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਗਲੇ ਦੋ ਦਿਨਾਂ ਤੋਂ ਬਾਅਦ ਸਵੇਰ ਤੇ ਰਾਤ ਸਮੇਂ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਜਿਸ ਨਾਲ ਸਵੇਰੇ ਤੇ ਰਾਤ ਨੂੰ ਠੰਢ ਵਧੇਗੀ। ਦੂਜੇ ਪਾਸੇ ਮੀਂਹ ਦੀ ਸੰਭਾਵਨਾ ਨਾਲ ਝੋਨੇ ਦੀ ਵਾਢੀ ਵਿੱਚ ਰੁੱਝੇ ਕਿਸਾਨਾਂ ਦੇ ਸੂਤੇ ਗਏ ਹਨ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 15 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 15 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 16 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ 12.5 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 15 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 15 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 13.9 ਡਿਗਰੀ ਸੈਲਸੀਅਸ, ਫ਼ਾਜ਼ਿਲਕਾ ਵਿੱਚ 13.3 ਡਿਗਰੀ ਸੈਲਸੀਅਸ ਤਾਪਮਾਨ
ਦਰਜ ਕੀਤਾ ਗਿਆ।
